ਬਟਾਲਾ – ਝੋਨੇ ਦੀ ਪਰਾਲੀ ਖੇਤ ਵਿੱਚ ਸਾੜਣ ਦੀ ਬਜਾਏ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਨਾਲ ਜਿਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਉਥੇ ਹਵਾ ਅਤੇ ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਵੀ ਬਚ ਜਾਂਦਾ ਹੈ। ਕਿਸਾਨਾਂ ਨੂੰ ਕਣਕ ਦੀ ਬਿਜਾਈ ਸਬੰਧੀ ਸਲਾਹ ਦਿੰਦਿਆਂ ਖੇਤੀਬਾੜੀ ਅਧਿਕਾਰੀ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਬੀਜਣ ਤੋਂ ਪਹਿਲਾਂ ਖੇਤ ਤਿਆਰ ਕਰਨ ਲਈ ਕਿਸਾਨਾਂ ਨੂੰ ਖੇਤ ’ਚ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਅਤੇ ਕਿਸਾਨ ਭਰਾ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਹੈਪੀ ਸੀਡਰ ਡਰਿੱਲ ਮਸ਼ੀਨ ਨਾਲ ਕਰਕੇ ਕਣਕ ਦਾ ਵਧੇਰੇ ਝਾੜ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਹੈਪੀ ਸੀਡਰ ਅਜਿਹੀ ਮਸ਼ੀਨ ਹੈ ਜਿਸ ਨਾਲ ਇਕੋ ਸਮੇਂ ਝੋਨੇ ਦੀ ਪਰਾਲੀ ਨੂੰ ਕੁਤਰ ਕੇ ਖੇਤ ਵਿੱਚ ਖਿਲਾਰਣ ਦੇ ਨਾਲ-ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।
ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਮਸ਼ੀਨ ਨਾਲ ਖਾਦ ਅਤੇ ਬੀਜ ਇੱਕੋ ਸਮੇਂ ਖੇਤ ਵਿੱਚ ਕੇਰੇ ਜਾ ਸਕਦੇ ਹਨ। ਉਨਾਂ ਕਿਹਾ ਕਿ ਹੈਪੀ ਸੀਡਰ ਨਾਲ ਝੋਨੇ ਦੇ ਖੇਤ ਵਿੱਚ ਪਹਿਲਾਂ ਹੀ ਮੌਜੂਦ ਵੱਤਰ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਰੌਣੀ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਬਾਸਮਤੀ ਦੀ ਕਟਾਈ ਤੋਂ ਬਾਅਦ ਅਕਸਰ ਕਣਕ ਦੀ ਬਿਜਾਈ ਪਛੇਤੀ ਹੋ ਜਾਂਦੀ ਹੈ, ਅਜਿਹੇ ਖੇਤਾਂ ਵਿੱਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਵਧੇਰੇ ਪੈਦਾਵਾਰ ਲਈ ਜਾ ਸਕਦੀ ਹੈ। ਉਨਾਂ ਨੇ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਰੋਟਾਵੇਟਰ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਕੁਤਰ ਕੇ ਬਾਅਦ ਵਿੱਚ ਪਾਣੀ ਲਗਾ ਦੇਣਾ ਚਾਹੀਦਾ ਹੈ। ਉਨਾਂ ਕਿਹਾ ਪਰਾਲੀ ਖੇਤ ਕੁਤਰਨ ਤੋਂ ਬਾਅਦ ਪਾਣੀ ਲਗਾ ਦੇਣਾ ਚਾਹੀਦਾ ਹੈ ਜਿਸ ਨਾਲ ਇਹ ਪਰਾਲੀ ਕਣਕ ਦੀ ਬਜਾਈ ਤੋਂ ਪਹਿਲਾਂ ਖੇਤਾਂ ਵਿੱਚ ਗਲ ਜਾਵੇਗੀ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਖੇਤ ਨੂੰ ਰੋਟਾਵੇਟਰ ਨਾਲ ਦੁਬਾਰਾ ਵਾਹ ਕੇ ਖੇਤ ਤਿਆਰ ਕੀਤਾ ਜਾ ਸਕਦਾ ਹੈ ਅਤੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਝੋਨੇ ਦੀ ਪਰਾਲੀ ਸਾੜਣ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਵਾਤਾਵਰਨ ‘ਚ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੁੰਦਾ ਹੈ। ਉਨਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਨਾਈਟਰੋਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਨੂੰ ਖੇਤ ’ਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨ।