ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਖ਼ਤਮ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨਾਲ ਕਿਸਾਨੀ ਮੁੱਦਿਆਂ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਗੱਲਬਾਤ ਕੀਤੀ।
ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਚੰਨੀ ਨੇ ਕਿਹਾ, ‘ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ। ਮੈਂ ਉਨ੍ਹਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਨਾਲ ਅੰਤਰਰਾਸ਼ਟਰੀ ਸਰਹੱਦ ਸੀਲ ਕਰਨ ਲਈ ਵੀ ਕਿਹਾ ਹੈ।’
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਵੀ ਕਿਹਾ ਕਿ ਅਸੀਂ ਯੂ.ਪੀ. (ਲਖੀਮਪੁਰ ਖੀਰੀ) ਵਿਚ ਵਹਿਸ਼ੀ ਕਤਲਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ।
ਚੰਨੀ ਨੇ ਕਿਹਾ ਕਿ, ‘ਮੈਂ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ।’ ਗ੍ਰਹਿ ਮੰਤਰੀ ਨੇ ਮੈਨੂੰ ਯਕੀਨ ਦਿਵਾਇਆ ਕਿ ਸਰਕਾਰ ਬਹੁਤ ਜਲਦੀ ਫੈਸਲਾ ਲਵੇਗੀ ।