ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਹੁਣ 18 ਅਕਤੂਬਰ ਨੂੰ ਸੁਣਾਈ ਜਾਵੇਗੀ। ਸੀਬੀਆਈ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਸੁਣਵਾਈ ਦੌਰਾਨ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਰੂਮ ਵਿੱਚ ਸ਼ਾਮਲ ਹੋਇਆ। ਰਾਮ ਰਹੀਮ ਨੇ ਆਪਣੇ ਸਿਰ ‘ਤੇ ਚਿੱਟੀ ਟੋਪੀ ਪਾਈ ਹੋਈ ਸੀ ਅਤੇ ਉਸ ਦੀ ਦਾੜ੍ਹੀ ਨੂੰ ਕਾਲਾ ਰੰਗ ਕੀਤਾ ਗਿਆ ਸੀ। ਰਾਮ ਰਹੀਮ ਪਹਿਲਾਂ ਨਾਲੋਂ ਕਮਜ਼ੋਰ ਨਜ਼ਰ ਆ ਰਿਹਾ ਸੀ।
ਮਾਮਲੇ ਦੇ ਚਾਰ ਹੋਰ ਦੋਸ਼ੀ ਕ੍ਰਿਸ਼ਨ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਸਿੱਧੇ ਅਦਾਲਤ ਵਿੱਚ ਪੇਸ਼ ਹੋਏ। ਇਹ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਹੋਈ। ਜੱਜ ਸੁਸ਼ੀਲ ਗਰਗ ਹੁਣ 18 ਅਕਤੂਬਰ ਨੂੰ ਰਣਜੀਤ ਕਤਲ ਕੇਸ ਦਾ ਫੈਸਲਾ ਸੁਣਾਉਣਗੇ।
ਇਸ ਤੋਂ ਪਹਿਲਾਂ ਸੁਣਵਾਈ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਸਾਵਧਾਨੀ ਵਰਤਦੇ ਹੋਏ ਪੰਚਕੂਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।