ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀਂ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਘਟਨਾ ਦੇ ਵਿਸਤ੍ਰਿਤ ਪਹਿਲੂਆਂ ’ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਦੁਨੀਆਂ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੇ ਪੁਲਸ ਨੂੰ ਕਿਹਾ ਹੈ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਅਤੇ ਭਾਵਨਾਤਮਿਕ ਗੰਭੀਰਤਾ ਨੂੰ ਵੇਖਦਿਆਂ ਇਸਨੂੰ ਸਿਰਫ਼ ਅਮਨ ਅਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ।
ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫੈਸਲਾ ਪਾਠਕਾਂ ’ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫੈਸਲਾ ਸੁਨਾਉਣਾ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿਚ ਪਿਛਲੇ ਪੰਜ ਛੇ ਸਾਲਾਂ ਦੌਰਾਨ ਪੰਜਾਬ ਵਿਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨ੍ਹਾਂ ਦੇ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦਾ ਕੰਮ ਕਰਦੀ। ਬਲਕਿ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਪੂਰੀ ਸਾਜ਼ਿਸ਼ ਨੂੰ ਨੰਗਾ ਕਰਨ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਜਿਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ ਬਣਾਏ ਮਨੁੱਖੀ ਹੱਕਾਂ ਦੇ ਆਲਮੀ ਐਲਾਨਨਾਮੇ ਦੀ ਮੁੱਢਲੀ ਭੂਮਿਕਾ ਵਿਚ ਵੀ ਲਿਖਿਆ ਹੈ ਕਿ ਕੋਈ ਵੀ ਮਨੁੱਖ ਹਿੰਸਕ ਰਸਤੇ ’ਤੇ ਉਦੋਂ ਹੀ ਤੁਰਦਾ ਹੈ, ਜੇਕਰ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ ’ਚ ਅਸਫਲ ਹੋ ਜਾਂਦਾ ਹੈ। ਉਨ੍ਹਾਂ ਹਰਿਆਣਾ ਤੇ ਪੰਜਾਬ ਪੁਲਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸੇ ਨਿਰਪੱਖ ਏਜੰਸੀ ਕੋਲੋਂ ਸਿੰਘੂ ਬਾਰਡਰ ਦੀ ਘਟਨਾ ਦੇ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਘਟਨਾ ਦੇ ਪਿਛੋਕੜ ਨਾਲ ਜੁੜੀ ਸਾਰੀ ਸੱਚਾਈ ਸੰਗਤ ਵਿਚ ਲਿਆਂਦੀ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਤੇ ਇਸ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਦੇ ਮਕਸਦ ਨੂੰ ਬੇਪਰਦ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਲਾਂਬੂ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਵਿਚ ਫਿਰਕੂ ਤੇ ਜਾਤੀਵਾਦ ਦਾ ਬਿਖੇੜਾ ਖੜ੍ਹਾ ਕਰਕੇ ਭਾਈਚਾਰਕ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰਨ ਦੀਆਂ ਚਾਲਾਂ ਵੀ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਤੋਂ ਸਿੱਖ ਕਦੇ ਵੀ ਨਹੀਂ ਰੋਕਦੇ ਪਰ ਕਾਨੂੰਨ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿੱਖਾਂ ਨਾਲ ਇਨਸਾਫ਼ ਕਰੇ। ਇਸ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਤੇ ਪੰਜਾਬ ਪੁਲਿਸ ਨੂੰ ਵੀ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।