ਨਵੀਂ ਦਿੱਲੀ: ਰਾਜਧਾਨੀ ਦੀਆਂ ਸਰਹੱਦਾਂ ‘ਤੇ ਬੀਤੇ ਲਗਭਗ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਹਨ। ਅੱਜ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਅਹਿਮ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ, ਪਰ ਰਸਤਾ ਰੋਕਣ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ।
ਸੁਪਰੀਮ ਕੋਰਟ ਦਾ ਕਹਿਣਾ ਹੈ ਰਾਹ ਬੰਦ ਹੋਣ ਨਾਲ ਲੋਕ ਪਰੇਸ਼ਾਨ ਹੋ ਰਹੇ ਹਨ। ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।
ਉੱਧਰ ਸੁਪਰੀਮ ਕੋਰਟ ਦੀ ਇਸ ਟਿੱਪਣੀ ‘ਤੇ ਕਿਸਾਨਾਂ ਨੇ ਕਿਹਾ ਹੈ ਕਿ ਸਾਨੂੰ ਰਾਮ ਲੀਲਾ ਮੈਦਾਨ ‘ਚ ਪ੍ਰਦਰਸ਼ਨ ਕਰਨ ਦੀ ਇਜ਼ਾਜਤ ਦਿੱਤੀ ਜਾਵੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਪਹਿਲੇ ਦਿਨ ਤੋਂ ਹੀ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਾਂ, ਉਲਟਾ ਸਰਕਾਰ ਨੇ ਸੜਕਾਂ ਰੋਕੀਆਂ ਹਨ। ਦਿੱਲੀ ਸਰਕਾਰ ਨੇ ਸਾਰੀਆਂ ਸਰਹੱਦਾਂ ‘ਤੇ ਦੀਵਾਰਾਂ ਕਰਕੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।