ਫਰੀਦਕੋਟ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ 2015 ਦੇ ਬਰਗਾੜੀ ‘ਚ ਹੋਏ ਬੇਅਦਬੀ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਨੇ ਪ੍ਰੋਡਕਸ਼ਨ ਵਾਰੰਟ ਕੋਟਕਪੁਰਾ ਕੋਰਟ ਤੋਂ ਹਾਸਲ ਕਰ ਲਿਆ ਹੈ। ਹੁਣ ਰਾਮ ਰਹੀਮ ਨੂੰ 29 ਅਕਤੂਬਰ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਪ੍ਰੋਡਕਸ਼ਨ ਵਾਰੰਟ ’ਤੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜੋ ਫਰੀਦਕੋਟ ਦੀ ਅਦਾਲਤ ਨੇ ਮਨਜ਼ੂਰ ਕਰ ਦਿੱਤੀ ਹੈ।
ਪਿਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ‘ਚ ਰਾਮ ਰਹੀਮ ਸਣੇ ਕੁਲ 11 ਦੋਸ਼ੀ ਸਨ ਜਿਨ੍ਹਾਂ ‘ਚੋਂ ਇੱਕ ਮਹਿੰਦਰ ਪਾਲ ਬਿੱਟੂ ਦਾ ਕਤਲ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਰਾਮ ਰਹੀਮ ਪਹਿਲਾਂ ਹੀ ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ।