ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ

TeamGlobalPunjab
2 Min Read

ਲੁਧਿਆਣਾ, 27 ਅਕਤੂਬਰ- ਅੰਤਰ-ਰਾਸ਼ਟਰੀ ਸਰਹੱਦ `ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ, 2021 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ-ਪਾਰਟੀ ਮੀਟਿੰਗ ਵਿਚ ਇਸ ਸਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਸਰਬਸੰਮਤੀ ਨਾਲ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿਚ ਲਿਆ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇਥੇ ਸਰਕਟ ਹਾਊਸ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕੀਤਾ ਗਿਆ।
ਜਨਤਕ ਮਾਮਲਿਆਂ `ਚ ਪ੍ਰਸ਼ਾਸਿਨਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਲਾਲ-ਫੀਤਾਸ਼ਾਹੀ ਵਿਰੋਧੀ ਨਿਯਮਾਂ -2021 ਨੂੰ ਪ੍ਰਵਾਨਗੀ

ਇਕ ਹੋਰ ਅਹਿਮ ਫੈਸਲੇ ਵਿਚ ਕੈਬਨਿਟ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਪੰਜਾਬ ਲਾਲ-ਫੀਤਾਸ਼ਾਹੀ ਵਿਰੋਧੀ ਨਿਯਮਾਂ-2021 ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਪੰਜਾਬ ਲਾਲ-ਫੀਤਾਸ਼ਾਹੀ ਵਿਰੋਧੀ ਐਕਟ, 2021, ਜੋ ਨੋਟੀਫਾਈ ਕੀਤਾ ਗਿਆ ਸੀ ਅਤੇ 6 ਅਪਰੈਲ 2021 ਤੋੰ ਲਾਗੂ ਹੈ, ਦੇ ਮੰਤਵਾਂ ਨੂੰ ਹਾਸਿਲ ਜਾ ਸਕੇ।

ਇਹ ਐਕਟ ਸਾਰੇ ਵਿਭਾਗਾਂ ਅਤੇ ਉਨ੍ਹਾਂ ਨਾਲ ਜੁੜੇ ਜਾਂ ਅਧੀਨ ਦਫਤਰਾਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਸਥਾਨਕ ਸਰਕਾਰਾਂ, ਜਨਤਕ ਖੇਤਰ ਦੇ ਉੱਦਮਾਂ, ਸੁਸਾਇਟੀਆਂ, ਟ੍ਰੱਸਟਾਂ, ਕਮਿਸ਼ਨਾਂ, ਪੰਜਾਬ ਵਿਧਾਨ ਐਕਟ ਤਹਿਤ ਗਠਿਤ ਸਵੈ-ਨਿਰਭਰ ਸੰਸਥਾਵਾਂ, ਜਿਨ੍ਹਾਂ ਦਾ ਖਰਚ ਸੂਬੇ ਦੇ ਕੰਸੋਲੀਡੇਟਿਡ ਫੰਡ ਵਿਚੋਂ ਹੁੰਦਾ ਹੈ, ਉਪਰ ਲਾਗੂ ਹੋਵੇਗਾ। ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨੇ ਦੇ ਅੰਦਰ-ਅੰਦਰ ਉਪਰੋਕਤ ਸਾਰੇ ਸੰਸਥਾਨ ਪ੍ਰਕਿਰਿਆਵਾਂ ਨੂੰ ਸੌਖਾਲਾ ਬਣਾਕੇ ਅਨੁਪਾਲਣਾ ਦੇ ਭਾਰ ਨੂੰ 50 ਫੀਸਦੀ ਤੱਕ ਘਟਾਉਣ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ, ਇਸ ਐਕਟ ਤਹਿਤ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਵਿੱਤੀ ਜੁਰਮਾਨੇ ਅਤੇ ਅਨੁਸਾਸ਼ਨੀ ਕਦਮ ਉਠਾਏ ਜਾਣ ਦੇ ਉਪਬੰਧ ਮੁਹੱਈਆ ਹੋਣਗੇ।

Share This Article
Leave a Comment