ਫਰੀਦਕੋਟ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਐਸਆਈਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੇ ਆਧਾਰ ’ਤੇ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ ਅਤੇ ਐਸਆਈਟੀ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਇੱਕ ਪ੍ਰਸ਼ਨਾਵਲੀ ਵੀ ਤਿਆਰ ਕੀਤੀ ਹੈ।
ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸਆਈਟੀ ਮੁਖੀ ਤੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਡੇਰਾ ਮੁਖੀ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਦੀ ਗਿਣਤੀ ਅਜੇ ਤੈਅ ਨਹੀਂ ਹੈ ਕਿਉਂਕਿ ਇਹ ਇੱਕ ਲੰਮੀ ਪ੍ਰਕਿਰਿਆ ਹੈ ਅਤੇ ਕਈ ਵਾਰ ਸਿਰਫ਼ ਇੱਕ ਸਵਾਲ ਦਾ ਜਵਾਬ ਦੇਣ ਨਾਲ ਨਵਾਂ ਸਵਾਲ ਖੜ੍ਹਾ ਹੋ ਜਾਂਦਾ ਹੈ। SIT ਰਵਾਨਾ ਹੋ ਗਈ ਹੈ 10 ਵਜੇ ਦੇ ਕਰੀਬ ਸੁਨਾਰੀਆ ਜੇਲ੍ਹ ਪਹੁੰਚੇਗੀ। ਇਸ ਤੋਂ ਪਹਿਲਾਂ ਫਰੀਦਕੋਟ ਜੇਲ ਨੇ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੇ ਹੁਕਮ ਜਾਰੀ ਕੀਤੇ ਸਨ। ਰਾਮ ਰਹੀਮ ਨੂੰ 29 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ 28 ਅਕਤੂਬਰ ਨੂੰ ਹੀ ਰੋਕ ਲਗਾ ਦਿੱਤੀ ਸੀ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਜੇਲ੍ਹ ਵਿੱਚ ਪੁੱਛਗਿੱਛ ਕਰਨ ਦੇ ਨਿਰਦੇਸ਼ ਦਿੱਤੇ ਸਨ।