ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਮੁਖੀ ਦਾ ਕਾਰਜਕਾਲ ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮੁਖੀਆਂ ਦਾ ਕਾਰਜਕਾਲ 5 ਸਾਲ ਤੱਕ ਵਧਾਉਣ ਲਈ ਆਰਡੀਨੈਂਸ ਲਿਆਂਦਾ ਹੈ। ਮੌਜੂਦਾ ਸਮੇਂ ਕੇਂਦਰੀ ਏਜੰਸੀਆਂ ਦੇ ਮੁਖੀਆਂ ਦਾ ਕਾਰਜਕਾਲ ਦੋ ਸਾਲ ਲਈ ਹੁੰਦਾ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਆਰਡੀਨੈਂਸਾਂ ‘ਤੇ ਦਸਤਖਤ ਕਰ ਦਿੱਤੇ ਹਨ। ਆਰਡੀਨੈਂਸ ਮੁਤਾਬਕ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਚੋਟੀ ਦੀਆਂ ਏਜੰਸੀਆਂ ਦੇ ਮੁਖੀਆਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾਇਆ ਜਾ ਸਕਦਾ ਹੈ।
ਸਰਕਾਰ ਵੱਲੋਂ ਇਹ ਆਰਡੀਨੈਂਸ ਅਜਿਹੇ ਸਮੇਂ ਵਿੱਚ ਲਿਆਂਦਾ ਗਿਆ ਹੈ ਜਦੋਂ ਵਿਰੋਧੀ ਪਾਰਟੀਆਂ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਗਾ ਰਹੀਆਂ ਹਨ। ਵਿਰੋਧੀ ਧਿਰ ਦੇ ਆਗੂਆਂ ਦਾ ਕਹਿਣਾ ਹੈ ਕਿ ਸੀਬੀਆਈ, ਈਡੀ ਅਤੇ ਹੋਰ ਜਾਂਚ ਏਜੰਸੀਆਂ ਰਾਹੀਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਏਜੰਸੀਆਂ ਦੇ ਕੰਮ ਵਿਚ ਉਸ ਦੀ ਕੋਈ ਦਖਲਅੰਦਾਜ਼ੀ ਨਹੀਂ ਹੈ ਅਤੇ ਉਹ ਆਪਣਾ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਕਰ ਰਹੀਆਂ ਹਨ।