ਚੰਡੀਗੜ੍ਹ: ਅੱਜ ਪੰਜਾਬ ਦੀ ਸਿਆਸਤ ਨੇ ਉਸ ਵੇਲੇ ਵੱਡੀ ਕਰਵੱਟ ਲਈ ਜਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਲੋਕ ਹਿੱਤ ਪਾਰਟੀ ਨਾਲ ਮਿਲ ਕੇ ਤੀਜੇ ਚੋਣ ਗਠਜੋੜ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਵੇਲੇ ਪੰਜਾਬ ਦੇ ਲੋਕ ਕਾਂਗਰਸ ਭਾਜਪਾ ਬਾਦਲ ਦਲ ਤੋਂ ਬਹੱਦ ਪ੍ਰੇਸ਼ਾਨ ਤੇ ਨਿਰਾਸ਼ ਹਨ। ਪੰਜਾਬ ਅਤੇ ਦੇਸ਼ ਦਾ ਕਿਸਾਨ ਪਿਛਲੇ ਇਕ ਸਾਲ ਤੋਂ ਸੜਕਾਂ ‘ਤੇ ਬੈਠ ਕੇ ਤਿੰਨ ਕਾਲੇ ਖੇਤੀ ਕਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਬੇਹੱਦ ਦੁੱਖਦਾਈ ਹੈ।
ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਗਠਜੋੜ ਕੀਤਾ ਹੈ ਅਤੇ ਉਹ ਪੰਜਾਬ ਲੋਕ ਹਿੱਤ ਪਾਰਟੀ ਦੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਖਹਿਰਾ ਨਾਲ ਕੀਤਾ ਗਿਆ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਿੱਖੀ ਦੇ ਚਿੰਨ੍ਹ ਨੂੰ ਉਤਾਰਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਢੀਂਡਸਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸੇ ਤਰ੍ਹਾਂ ਦੀ ਕੋਈ ਮੀਟਿੰਗ ਜਾਂ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਮਖਿਆਲੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ।