BIG NEWS : ਭਲਕੇ ਮੁੜ ਤੋਂ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ

TeamGlobalPunjab
2 Min Read

ਨਵੀਂ ਦਿੱਲੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੰਗਤ ਲਈ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਭਲਕੇ (17 ਨਵੰਬਰ) ਤੋਂ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ 17 ਨਵੰਬਰ (ਬੁੱਧਵਾਰ) ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਲਿਆ ਗਿਆ ਹੈ ।

ਅਮਿਤ ਸ਼ਾਹ ਨੇ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਲਾਂਘਾ ਖੋਲਣ ਬਾਰੇ ਲਏ ਗਏ ਫੈਸਲੇ ਨਾਲ ਦੇਸ਼ ਭਰ ਵਿਚ ਖੁਸ਼ੀ ਅਤੇ ਉਤਸ਼ਾਹ ਵਧੇਗਾ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਪਹਿਲੇ ਜਥੇ ‘ਚ ਪੰਜਾਬ ਦੀ ਪੂਰੀ ਕੈਬਨਿਟ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ ।

 

ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਲਈ ਅਪੀਲ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਕਤੂਬਰ ਮਹੀਨੇ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਸੀ। ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਵੀ ਇਹ ਮੁੱਦਾ ਚੁੱਕਿਆ ਗਿਆ ਸੀ।

Share This Article
Leave a Comment