ਫਿਰੋਜ਼ਪੁਰ: ਫਿਰੋਜ਼ਪੁਰ ਦੇ ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਦੌਰਾਨ ਤਿੱਖਾ ਵਿਰੋਧ ਕੀਤਾ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ।
ਇਸ ਦੌਰਾਨ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਚੰਨੀ ਨੂੰ ਆਪਣਾ ਭਾਸ਼ਣ ਤੱਕ ਵੀ ਰੋਕਣਾ ਪਿਆ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਅੱਜ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਾਲਕਾ ਗੁਰੂ ਹਰਸਹਾਏ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ।
ਇਸ ਦੌਰਾਨ ਜਿਵੇਂ ਹੀ ਸਬ ਡਵੀਜ਼ਨਲ ਪ੍ਰਬੰਧਕੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਮੌਕੇ ਚੰਨੀ ਸਟੇਜ਼ ਤੋਂ ਸੰਬੋਧਨ ਕਰਨ ਲੱਗੇ ਤਾਂ ਕੱਚੇ ਮੁਲਾਜ਼ਮਾਂ ਈਟੀਟੀ ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਸ਼ੁਰੂ ਕੀਤਾ ਗਿਆ ਤੇ ਕੁਝ ਥਾਵਾਂ ‘ਤੇ ਕਾਂਗਰਸੀ ਵਰਕਰ ਪ੍ਰਦਰਸ਼ਨਕਾਰੀਆਂ ਨਾਲ ਭਿੜਦੇ ਵੇਖੇ ਗਏ। ਪ੍ਰਦਰਸ਼ਨਕਾਰੀਆਂ ਦਾ ਵਿਰੋਧ ਵੇਖਦਿਆਂ ਚੰਨੀ ਜਦੋਂ ਉੱਥੋਂ ਜਾਣ ਲੱਗੇ ਤਾਂ ਉਨ੍ਹਾਂ ਦੀਆਂ ਗੱਡੀਆਂ ਦਾ ਘਿਰਾਓ ਕੀਤਾ ਗਿਆ।