ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਚੰਨੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹੀ ਚਾਹੁੰਦੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਸੁਖਬੀਰ ਸਿੰਘ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਅੰਦਰ ਕੀਤਾ ਜਾਵੇ ਤਾਂ ਜੋ ਉਹ ਜਨਤਾ ਅੱਗੇ ਵਿਚਰ ਕੇ ਇਹ ਗੱਲ ਕਹਿ ਸਕੇ ਕਿ ਉਨ੍ਹਾਂ ਨੇ ਆਪਣਾ ਵਾਅਦਾ ਨਿਭਾਇਆ ਹੈ।
ਡਾ: ਦਲਜੀਤ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਵੀ ਇਸ ਕੰਮ ‘ਚ ਪੂਰੀ ਤਰ੍ਹਾਂ ਪੰਜਾਬ ਕਾਂਗਰਸ ਦੇ ਨਾਲ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੰਦੇ ਹੋਏ ਚੀਮਾ ਨੇ ਕਿਹਾ ਹੈ ਕਿ ਅਜਿਹੇ ਦਿਨ ਹਮੇਸ਼ਾ ਨਹੀਂ ਰਹਿੰਦੇ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਜਦੋਂ ਸੱਤਾ ਵਾਲੇ ਪਾਸੇ ਵੱਧ ਰਿਹਾ ਹੈ ਤਾਂ ਕਾਂਗਰਸ ਕਿਸੇ ਨਾ ਕਿਸੇ ਤਰੀਕੇ ਇਹ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਕਾਲੀ ਦਲ ਦਾ ਇਤਿਹਾਸ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਤਾਂ ਕਦੇ ਕੇਂਦਰ ਸਰਕਾਰ ਅੱਗੇ ਝੁਕਿਆ ਹੈ ਅਤੇ ਨਾ ਹੀ ਸੂਬਾ ਸਰਕਾਰ ਅੱਗੇ ਝੁਕੇਗਾ।