ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਆਉਣ ਵਾਲੀ 24 ਦਸੰਬਰ ਨੂੰ ਚੰਡੀਗੜ੍ਹ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਲੋਕਾਂ ਨੂੰ ਅਪੀਲ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 1996 ‘ਚ ਚੰਡੀਗੜ੍ਹ ਨਗਰ ਨਿਗਮ ਬਣਨ ਤੋਂ ਬਾਅਦ ਉਹਨਾਂ (ਚੰਡੀਗੜ੍ਹ ਵਾਸੀਆਂ) ਨੇ ਕਾਂਗਰਸ ਨੂੰ 13 ਸਾਲ ਅਤੇ ਭਾਜਪਾ ਨੂੰ 12 ਸਾਲ ਰਾਜ ਕਰਨ ਦਾ ਮੌਕਾ ਦਿੱਤਾ ਸੀ, ਪਰ ਇਨ੍ਹਾਂ ਨੇ ਮਿਲ ਕੇ ਚੰਡੀਗੜ੍ਹ ਦਾ ਬੇੜਾ ਗਰਕ ਕਰ ਦਿੱਤਾ, ਹੁਣ ਪੰਜ ਸਾਲ ਲਈ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦਿਓ, ਅਸੀਂ ਤੁਹਾਨੂੰ ਵਿਕਾਸ ਕਰਕੇ ਦਿਖਾਵਾਂਗੇ।
ਕਾਂਗਰਸ ਅਤੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕੇਜਰੀਵਾਲ ਨੇ ਕਿਹਾ ਕਿ ਕਦੇ ਚੰਡੀਗੜ੍ਹ ਏਸ਼ੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਹੁੰਦਾ ਸੀ। ਪਰ ਦੋਵਾਂ ਪਾਰਟੀਆਂ ਨੇ ਸ਼ਹਿਰ ਨੂੰ ਗੰਦਾ ਕਰ ਦਿੱਤਾ। ਅੱਜ ਚੰਡੀਗੜ੍ਹ ਸਫ਼ਾਈ ਦੇ ਮਾਮਲੇ ਵਿੱਚ 66ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਭਾਜਪਾ ‘ਤੇ ਹਮਲਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਹੋਣੀ ਜ਼ਰੂਰੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਭਾਜਪਾ ਨੇਤਾਵਾਂ ਤੋਂ ਪੁੱਛਿਆ ਕਿ ਚੰਡੀਗੜ੍ਹ ਦਾ ਸੰਸਦ ਮੈਂਬਰ ਭਾਜਪਾ ਦਾ ਹੈ, ਮੇਅਰ ਭਾਜਪਾ ਦਾ ਹੈ, ਰਾਜਪਾਲ ਭਾਜਪਾ ਦਾ ਹੈ ਅਤੇ ਇਥੋਂ ਤੱਕ ਕੇਂਦਰ ਸਰਕਾਰ ਵੀ ਭਾਜਪਾ ਦੀ ਹੈ, ਫਿਰ ਵੀ ਅੱਜ ਤੱਕ ਕੁਝ ਕਿਉਂ ਨਹੀਂ ਕੀਤਾ।
ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਨਾਲ ਸ਼ਹਿਰ ਦੇ ਵਿਕਾਸ ਅਤੇ ਸਹੂਲਤਾਂ ਨਾਲ ਸਬੰਧਤ ਪੰਜ ਵਾਅਦੇ ਵੀ ਕੀਤੇ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਾਂਗੇ। ਜੋ ਪੈਸਾ ਪਹਿਲਾਂ ਨਗਰ ਨਿਗਮ ਦੇ ਭਾਜਪਾ ਅਤੇ ਕਾਂਗਰਸੀ ਆਗੂ ਖਾ ਜਾਂਦੇ ਸਨ, ਉਹ ਪੈਸੇ ਹੁਣ ਲੋਕਾਂ ਦੇ ਵਿਕਾਸ ‘ਤੇ ਖਰਚ ਕੀਤੇ ਜਾਣਗੇ। ‘ਆਪ’ ਦੀ ਸਰਕਾਰ ਆਉਣ ‘ਤੇ ਦਿੱਲੀ ਵਾਂਗ ਚੰਡੀਗੜ੍ਹ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਨਗਰ ਨਿਗਮ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਨਗਰ ਨਿਗਮ ਦੇ ਕਰਮਚਾਰੀ ਖੁਦ ਲੋਕਾਂ ਦੇ ਘਰ ਆ ਕੇ ਉਨ੍ਹਾਂ ਦਾ ਸਾਰਾ ਕੰਮ ਜਿਵੇਂ ਕਿ ਰਾਸ਼ਨ ਕਾਰਡ ਬਣਾਉਣਾ ਹੋਵੇ ਜਾਂ ਬਿਜਲੀ-ਪਾਣੀ ਦਾ ਕੁਨੈਕਸ਼ਨ ਲੈਣਾ ਆਦਿ, ਕੀਤੇ ਜਾਣਗੇ। ਦੂਸਰਾ ਅਸੀਂ ਡੱਡੂ ਮਾਜਰਾ ਡੰਪਿੰਗ ਗਰਾਊਂਡ ਵਿੱਚ ਕੂੜੇ ਦੇ ਪਹਾੜ ਨੂੰ ਖਤਮ ਕਰਾਂਗੇ। ਚੰਡੀਗੜ੍ਹ ਵਿੱਚ ਕਿਤੇ ਵੀ ਕੂੜਾ ਦੇਖਣ ਨੂੰ ਨਹੀਂ ਮਿਲੇਗਾ। ਤੀਸਰਾ, ਦਿੱਲੀ ਵਾਂਗ ਚੰਡੀਗੜ੍ਹ ਵਿੱਚ ਵੀ ਪਾਣੀ ਮੁਫ਼ਤ ਮਿਲੇਗਾ। ਚੌਥਾ, ਸ਼ਹਿਰ ਦੀਆਂ ਸੜਕਾਂ ਬਣਾਉਣ, ਸਫ਼ਾਈ ਅਤੇ ਰੱਖ-ਰਖਾਅ ਦਾ ਸਾਰਾ ਕੰਮ ਹੁਣ ਨਗਰ ਨਿਗਮ ਵੱਲੋਂ ਕੀਤਾ ਜਾਵੇਗਾ। ਪੰਜਵਾਂ, ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਾਂਗ ਚੰਡੀਗੜ੍ਹ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਅਤੇ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।
ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜੋ ਵਾਅਦੇ ਅਸੀਂ ਇੱਥੇ ਕੀਤੇ ਹਨ, ਉਹ ਸਾਰੇ ਦਿੱਲੀ ਵਿੱਚ ਕੀਤੇ ਸਨ । ਜੇਕਰ ਤੁਹਾਡਾ ਕੋਈ ਰਿਸ਼ਤੇਦਾਰ ਜਾਂ ਦੋਸਤ ਦਿੱਲੀ ਵਿੱਚ ਰਹਿੰਦਾ ਹੈ ਤਾਂ ਤੁਸੀਂ ਉਨ੍ਹਾਂ ਨੂੰ ਫ਼ੋਨ ਕਰਕੇ ਪੁੱਛ ਸਕਦੇ ਹੋ। ਜੇਕਰ ਉਹ ਕਹਿੰਦੇ ਹਨ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਕੰਮ ਨਹੀਂ ਕੀਤਾ ਤਾਂ ਮੈਨੂੰ ਵੋਟ ਨਾ ਦਿਓ। ਕੇਜਰੀਵਾਲ ਨੇ ਆਮ ਆਦਮੀ ਪਾਰਟੀ ਨੂੰ ਨੌਜਵਾਨਾਂ ਦੀ ਪਾਰਟੀ ਦੱਸਦਿਆਂ ਕਿਹਾ ਕਿ ਸਾਡੀ ਪਾਰਟੀ ਵਿੱਚ ਜ਼ਿਆਦਾਤਰ ਆਗੂ ਨੌਜਵਾਨ ਹਨ। ਚੰਡੀਗੜ੍ਹ ਵਿੱਚ ਵੀ ਸਾਡੇ ਜ਼ਿਆਦਾਤਰ ਉਮੀਦਵਾਰ 40 ਸਾਲ ਤੋਂ ਘੱਟ ਉਮਰ ਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਲਈ ਕੰਮ ਕਰਨ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ।