ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ ਯਾਨੀ ਅੱਜ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਉਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੋ ਰੋਜ਼ਾ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਅੰਮ੍ਰਿਤਸਰ ਦੇ ਏਅਰਪੋਰਟ ’ਤੇ ਉਤਰਨਗੇ ਅਤੇ ਇਸੇ ਦਿਨ ਗੁਰਦਾਸਪੁਰ ਜਾਣਗੇ। ਪਹਿਲੇ ਦਿਨ ਅਰਵਿੰਦ ਕੇਜਰੀਵਾਲ ਪਾਰਟੀ ਵੱਲੋਂ ਕਰਵਾਈ ਜਾਣ ਵਾਲੀ ਜਨ ਸਭਾ ਅਤੇ ਕ੍ਰਿਸਮਿਸ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ, ਜਦੋਂ ਕਿ ਅਗਲੇ ਦਿਨ 25 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੀ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣਗੇ।