ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ 30 ਦਸੰਬਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੇ ਜੇਤੂ ਮਾਰਚ ਵਿੱਚ ਹਿੱਸਾ ਲੈਣਗੇ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਅਮਨ-ਸ਼ਾਂਤੀ ਲਈ 31 ਦਸੰਬਰ ਨੂੰ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਨਵੇਂ ਸਾਲ ਯਾਨੀ 1 ਜਨਵਰੀ 2022 ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਵਾਪਰੀ ਤੇ ਹੁਣ ਲੁਧਿਆਣਾ ਕੋਰਟ ਬਲਾਸਟ ਹੋਇਆ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪੰਜਾਬ ਦੀ ਅਮਨ ਸ਼ਾਂਤੀ ਲਈ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ।