ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿ਼ਰੋਜ਼ਪੁਰ ਵਿਖੇ ਹੋ ਰਹੀ ਰੈਲੀ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ ‘ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ। ਸੁਖਦੇਵ ਸਿੰਘ ਢੀਂਡਸਾ ਦੇ ਕੋਰੋਨਾ ਪਾਜ਼ਿਟਿਵ ਹੋਣ `ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ `ਤੇ ਉਨ੍ਹਾਂ ਨਾਲ ਸ਼ਾਮਿਲ ਨਹੀ ਹੋ ਸਕਣਗੇ।