ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਦੇ ਟੀਕਾਕਰਨ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਸਕੂਲ ਵਿੱਚ ਦਾਖਲ 15-18 ਸਾਲ ਦੀ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਕੋਰੋਨਾ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ 3 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਟੀਕਾਕਰਨ ਤੇਜ਼ੀ ਨਾਲ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ ਤੇ ਚੰਡੀਗੜ੍ਹ ਵਿੱਚ ਸਕੂਲ-ਕਾਲਜ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ।
ਪ੍ਰਸ਼ਾਸਨ ਵੱਲੋਂ ਸਾਰੇ ਵਿਦਿਅਕ ਅਦਾਰਿਆਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਵੀ ਚੱਲ ਰਿਹਾ ਹੈ।