ਚੰਡੀਗੜ੍ਹ: ਸਾਬਕਾ ਫੌਜ ਮੁਖੀ ਜਨਰਲ ਜੋਗਿੰਦਰ ਜਸਵੰਤ ਸਿੰਘ ਮੰਗਲਵਾਰ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਪਾਰਟੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਸਾਬਕਾ ਫੌਜ ਮੁਖੀ ਜਨਰਲ ਜੇ.ਜੇ ਸਿੰਘ ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਵਿੱਚ ਸਨ। ਇਸ ਤੋਂ ਪਹਿਲਾ ਸਾਬਕਾ ਫੌਜ ਮੁਖੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੜੀਆਂ ਸਨ। ਜਨਰਲ ਜੇ. ਜੇ. ਸਿੰਘ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੀ ਸੀ। ਇਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਨੇ ਜੇ. ਜੇ. ਸਿੰਘ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਪਰ ਇਨ੍ਹਾਂ ਚੋਣਾਂ ਵਿੱਚ ਜੇ. ਜੇ. ਸਿੰਘ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਹੱਥੋਂ 60609 ਵੋਟਾਂ ਦੇ ਵੱਡੇ ਫਰਕ ਨਾਲ ਹਾਰ ਗਏ ਸਨ।ਜੇ ਜੇ ਸਿੰਘ, ਜੋ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਵੀ ਰਹਿ ਚੁੱਕੇ ਹਨ, 2005 ਵਿੱਚ ਥਲ ਸੈਨਾ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸਿੱਖ ਸਨ।