ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ‘ਚ ਨਿੱਤਰ ਆਏ ਹਨ। ਈ.ਡੀ. ਦੇ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਇੱਕ ਦਲਿਤ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸ਼ਮਸ਼ੇਰ ਸਿੰਘ ਦੂਲੋ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ‘ਤੇ ਈ.ਡੀ. ਵੱਲੋਂ ਛਾਪੇਮਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਈ.ਡੀ. ਨੇ ਉਦੋਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਦੂਲੋ ਨੇ ਕਿਹਾ ਕਿ ਪੰਜਾਬ `ਚ ਕਈ ਥਾਵਾਂ `ਤੇ ਮਾਈਨਿੰਗ ਦੇ ਕੇਸ ਦਰਜ ਹਨ। ਇਸ ਮਾਮਲੇ `ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਨੂੰ ਜਾਣਬੁਝ ਕੇ ਫਸਾਇਆ ਗਿਆ ਹੈ, ਹਾਲਾਂਕਿ ਕਈ ਹੋਰ ਵਿਅਕਤੀਆਂ ਖ਼ਿਲਾਫ਼ ਵੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਪਰ ਕਿਸੇ ਦੀ ਵੀ ਛਾਪੇਮਾਰੀ ਨਹੀਂ ਹੋਈ।
ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਇਹ ਟਿੱਪਣੀ ਇਸ ਲਈ ਵੀ ਅਹਿਮ ਹੈ, ਕਿਉਂਕਿ ਕੁਝ ਸਮਾਂ ਪਹਿਲਾਂ ਪੰਜਾਬ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਉਹ ਚੰਨੀ ਖਿਲਾਫ ਬੋਲੇ ਸਨ। ਉਨ੍ਹਾਂ ਚੰਨੀ ਸਰਕਾਰ `ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਸਨ। ਹੁਣ ਉਨ੍ਹਾਂ ਨੇ ਈਡੀ ਦੇ ਛਾਪੇ ਦੇ ਮਾਮਲੇ ਵਿੱਚ ਚੰਨੀ ਦਾ ਬਚਾਅ ਕੀਤਾ ਹੈ।
ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਹਾਲੇ ਤੱਕ ਇਸ ਮਾਮਲੇ `ਤੇ ਕੋਈ ਟਿੱਪਣੀ ਨਹੀਂ ਕੀਤੀ ਸੀ, ਜਦਕਿ ਤਿੰਨ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਪ੍ਰੈੱਸ ਕਾਨਫਰੰਸ ‘ਚ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਵੀ ਮੌਜੂਦ ਸਨ। ਸੁਰਜੇਵਾਲਾ ਨੇ ਈਡੀ ਦੇ ਛਾਪੇ ਦੀ ਨਿੰਦਾ ਕੀਤੀ ਸੀ ਪਰ ਸਿੱਧੂ ਚੁੱਪ ਰਹੇ।