ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪੁੱਜੇ। ਇਸ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਤਾਂ ਇਹ ਨਹੀਂ ਪਤਾ ਲੱਗਦਾ ਕਿ ਝੋਨੇ-ਕਣਕ ਦੀ ਫ਼ਸਲ ਕਦੋਂ ਬੀਜੀ ਜਾਂਦੀ ਹੈ।
ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਦਿੱਲੀ ਮਾਡਲ ਲਾਗੂ ਹੋਣ ਤੋਂ ਬਾਅਦ ਖੇਤਾਂ ‘ਚ ਲੱਗੇ ਟਿਊਬਵੈੱਲਾਂ ‘ਤੇ ਬਿਜਲੀ ਦੇ ਮੀਟਰ ਲਗਾਏ ਜਾਣਗੇ ਅਤੇ ਕਿਸਾਨਾਂ ਤੋਂ 13 ਰੁਪਏ ਪ੍ਰਤੀ ਯੂਨਿਟ ਵਸੂਲੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਮੂਹ ਲੋਕਾਂ ਦਾ 400 ਯੂਨਿਟ ਬਿਜਲੀ ਮੁਆਫ਼ ਕੀਤਾ ਜਾਵੇਗਾ ਅਤੇ ਵਿਦੇਸ਼ਾਂ ਵਿੱਚ ਪੜ੍ਹਨ ਲਈ ਜਾਣ ਵਾਲੇ ਬੱਚਿਆਂ ਨੂੰ ਬਿਨਾਂ ਕਿਸੇ ਵਿਆਜ ਅਤੇ ਗਰੰਟੀ ਦੇ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਟਿਕਟਾਂ ਵੇਚਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਅਤੇ ਹੋਰ ਪਾਰਟੀਆਂ ‘ਚੋਂ ਕੱਢੇ ਗਏ ਲੋਕਾਂ ਨੂੰ ਟਿਕਟਾਂ ਵੰਡੀਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ ‘ਤੇ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਗਰੀਬਾਂ ਲਈ ਆਟਾ ਦਾਲ ਸਕੀਮ, ਗਰੀਬ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਆਦਿ ਸ਼ੁਰੂ ਕੀਤੀਆਂ ਗਈਆਂ ਸਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪਾਰਟੀ ਹੈ ਅਤੇ ਪੰਜਾਬ ਉਸ ਦੀ ਕਰਮਭੂਮੀ ਹੈ ਜਦਕਿ ਆਮ ਆਦਮੀ ਪਾਰਟੀ ਇੱਕ ਮੌਕਾਪ੍ਰਸਤ ਪਾਰਟੀ ਹੈ ਅਤੇ ਜੇਕਰ ਅੱਜ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਾਰ ਜਾਂਦੀ ਹੈ ਤਾਂ ਉਹ ਕਿਸੇ ਹੋਰ ਸੂਬੇ ਵਿੱਚ ਚਲੇ ਜਾਵੇਗੀ ਜਦਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕਰੇਗਾ।