ਮਾਨਸਾ: ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟਣ ਲਈ ਸੂਬੇ ਵਿੱਚ ਆਈ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਚਾਲਾਂ ਨੂੰ ਸਮਝ ਗਏ ਹਨ ਇਸ ਲਈ ਹੁਣ ਇਨ੍ਹਾਂ ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਇਸ ਵਾਰ ਚੋਣਾਂ ਵਿੱਚ ਬੁਰੀ ਤਰ੍ਹਾਂ ਦੇ ਨਾਲ ਹਾਰੇਗੀ। ਬਾਦਲ ਨੇ ਕਿਹਾ ਕਿ ਕਾਂਗਰਸ ਦੇ ਵਿੱਚ ਕਈ ਲੀਡਰ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਪਰ ਜਿਸ ਨੂੰ (ਚਰਨਜੀਤ ਸਿੰਘ ਚੰਨੀ) ਕੁਝ ਸਮੇਂ ਲਈ ਕਮਾਨ ਦਿੱਤੀ ਗਈ ਉਸ ਨੇ ਪੰਜਾਬ ਨੂੰ ਲੁੱਟ ਕੇ ਆਪਣੇ ਖਜ਼ਾਨੇ ਭਰੇ ਹਨ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਬਾਇਲ ਤੇ ਆਪਣਾ ਮੁੱਖ ਮੰਤਰੀ ਚਿਹਰਾ ਲੱਭ ਰਹੀ ਹੈ ਤਾਂ ਆਮ ਆਦਮੀ ਪਾਰਟੀ ਲੋਕਾਂ ਦੀ ਰਾਏ ਲੈ ਕੇ ਢੋਂਗ ਰਚਾ ਰਹੀ ਹੈ। ਇਕ ਦਿਨ ਦੇ ਅੰਦਰ ਇੰਨੀ ਵੱਡੀ ਗਿਣਤੀ ਵਿਚ ਫੋਨ ਕਾਲ ਜਾਂ ਮੈਸੇਜ ਨਹੀਂ ਆ ਸਕਦੇ ਜੋ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਭਗਵੰਤ ਮਾਨ ਨੂੰ ਚੁਣਨ ਲਈ ਤੇਰਾਂ ਲੱਖ ਤੋਂ ਵੱਧ ਫੋਨ ਕਾਲ ਅਤੇ ਮੈਸੇਜ ਪ੍ਰਾਪਤ ਕੀਤੇ ਗਏ।