ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਜਾਰੀ ਹੈ। ਪਾਰਟੀਆਂ ਛੱਡਣ ਤੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਚੱਲੀ ਜਾ ਰਿਹਾ ਹੈ। ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।
ਬੀਤੇ ਦਿਨੀਂ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀ ਹੈ।ਜਸੀ ਖੰਗੂੜਾ ਦੇ ਅਚਾਨਕ ਪਾਰਟੀ ਤੋਂ ਇਸਤੀਫਾ ਦੇਣ ਦੇ ਬਾਅਦ ਉਨ੍ਹਾਂ ਦੇ ਬੀਜੇਪੀ ਜਾਂ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਜਾਣ ਦੀ ਚਰਚਾ ਸੀ।
ਜੱਸੀ ਖੰਗੂੜਾ ਕਿਲ੍ਹਾ ਰਾਏਪੁਰ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ ਕੁਝ ਹੀ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਪਿਤਾ ਦੇ ਨਾਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਕਾਂਗਰਸ ਵਿੱਚ ਲਗਭਗ 20 ਸਾਲਾਂ ਤੱਕ ਰਹੇ ਸਨ। ਪਾਰਟੀ ਛੱਡਣ ਪਿੱਛੋਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਪਾਰਟੀ ਜਿਸ ਦਿਸ਼ਾ ਵੱਲ ਜਾ ਰਹੀ ਹੈ, ਉਸ ਤੋਂ ਉਹ ਅਸੰਤੁਸ਼ਟ ਹਨ ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ‘ਤੇ ਕਮਜ਼ੋਰ ਫੈਸਲੇ ਲੈਣ ਦਾ ਵੀ ਦੋਸ਼ ਲਾਇਆ ਸੀ। ਉਨ੍ਹਾਂ ਇਹ ਗੱਲ ਵੀ ਕਹੀ ਸੀ ਕਿ ਕਈ ਪਾਰਟੀਆਂ ਨੇ ਉਨ੍ਹਾਂ ਨਾਲ ਸੰਪਰਕ ਵੀ ਕੀਤਾ ਹੈ ਪਰ ਉਹ ਕਾਹਲੀ ਵਿੱਚ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ।