ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 5 ਫਰਵਰੀ ਨੂੰ ਵਿਸ਼ੇਸ਼ ਜਾਂਚ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਪਾਏ ਗਏ ਹਨ।
ਹਰਚਰਨ ਬੈਂਸ ਨੇ ਇਕ ਲਿਖਤੀ ਬਿਆਨ ਵਿੱਚ ਕਿਹਾ ਕਿ ਬਾਦਲ ਨੂੰ ਡਾਕਟਰਾਂ ਨੇ ਦੋ-ਦੋ ਅਤੇ ਤਿੰਨ-ਤਿੰਨ ਹਫ਼ਤਿਆਂ ਬਾਅਦ ਆਪਣਾ ਰੁਟੀਨ ਚੈੱਕਅਪ ਕਰਵਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੋਵਿਡ ਤੋਂ ਪ੍ਰਭਾਵਿਤ ਹੋਣ ਮਗਰੋਂ ਇਸ ਦਾ ਉਚੇਚੇ ਤੌਰ ’ਤੇ ਧਿਆਨ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਣ ਦੇ ਨਾਲ ਆਪਣਾ ਰੁਟੀਨ ਕੰਮ ਵੀ ਕਰ ਰਹੇ ਹਨ। ਉਹ ਰੋਜ਼ਾਨਾ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਸੂਬੇ ਵਿੱਚ ਚੋਣ ਮੁਹਿੰਮ ਵੀ ਚਲਾ ਰਹੇ ਹਨ।