ਜੇਲ੍ਹ ਅੰਦਰ ਚੜ੍ਹਦੀਕਲਾ `ਚ ਹਨ ਮਜੀਠੀਆ, ਮੈਂ ਗਰੰਟੀ ਲੈਂਦਾ ਉਹ ਬਿਲਕੁਲ ਨਿਰਦੋਸ਼: ਸੁਖਬੀਰ ਬਾਦਲ

TeamGlobalPunjab
2 Min Read

ਪਟਿਆਲਾ :ਬਿਕਰਮ ਮਜੀਠੀਆ ਦੇ ਜਨਮਦਿਨ ਮੌਕੇ ਪਟਿਆਲਾ ਕੇਂਦਰੀ ਜੇਲ੍ਹ ‘ਚ ਮੁਲਾਕਾਤ ਕਰਨ ਪਹੁੰਚੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੇ ਨਾਲ ਲਗਭਗ ਢਾਈ ਘੰਟੇ ਤੱਕ ਗੱਲਬਾਤ ਕੀਤੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ `ਚ ਅਕਾਲੀ-ਬਸਪਾ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ ਅਤੇ ਬਿਕਰਮ ਮਜੀਠੀਆ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਨਿਸ਼ਾਨੇ `ਤੇ ਲਿਆ।

ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੇ ਮਜੀਠੀਆ `ਤੇ ਝੂਠਾ ਕੇਸ ਪਾਇਆ ਹੈ।

ਬਾਦਲ ਨੇ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਡੀਜੀਪੀ ਨੇ ਇਹ ਹੁਕਮ ਜਾਰੀ ਕੀਤੇ ਹੋਣ ਕਿ ਕਿਹੜੀ ਦਫ਼ਾ ਲਗਾਉਣੀ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਕਿਸੇ ਜ਼ਿਲ੍ਹੇ ‘ਚ ਨਹੀਂ ਦਰਜ ਹੋਇਆ ਸਗੋਂ ਉਸ ਡੀਜੀਪੀ ਦੇ ਅਧੀਨ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਝੂਠ-ਝੂਠ ਹੀ ਹੁੰਦਾ ਹੈ ਅਤੇ ਸਾਰੀ ਪਾਰਟੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਖੜੀ ਹੈ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਯੂਕਰੇਨ `ਚ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਪੁਲਿਸ ਦੇ ਅਫਸਰਾਂ ਨੂੰ ਯੂਕਰੇਨ ਭੇਜਣਾ ਚਾਹੀਦਾ ਹੈ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਬਹੁ-ਕਰੋੜੀ ਡਰੱਗ ਰੈਕਟ `ਚ ਨਾਮਜ਼ਦ ਕੀਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਦੀ ਅਦਾਲਤ `ਚ ਸਰੰਡਰ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਸੀ, ਜਿਸ ਨੂੰ ਖਾਰਜ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿਤਾ ਸੀ।

Share This Article
Leave a Comment