ਪੰਜਾਬ ਵਿਧਾਨ ਸਭਾ ਵੱਲੋਂ ਮਹਾਨ ਸ਼ਖ਼ਸੀਅਤਾਂ ਭਗਤ ਸਿੰਘ, ਡਾ. ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਲਈ ਪੇਸ਼ ਕੀਤਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਸਦਨ ਵਿੱਚ ਭਗਵੰਤ ਮਾਨ ਨੇ ਕਿਹਾ, “ਇੱਕ ਕਰਜ਼ਦਾਰ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਤਰ੍ਹਾਂ, ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੇ ਤੌਰ ‘ਤੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਘੜਿਆ।

ਇਨ੍ਹਾਂ ਮਹਾਨ ਆਗੂਆਂ ਨੂੰ ਸਾਡੇ ਸਾਰਿਆਂ ਲਈ ਦੇਸ਼ ਦਾ ਰੋਲ ਮਾਡਲ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਆਗੂਆਂ ਦਾ ਜੀਵਨ ਸਾਰੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਤਰ੍ਹਾਂ ਖਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਉਸਾਰਿਆ ਜਾਵੇਗਾ।

ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਬੁੱਧਵਾਰ (23 ਮਾਰਚ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ।

Share This Article
Leave a Comment