ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ।
ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਝਲਕ ਰਿਹਾ ਹੈ।
ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਪੰਜਾਬ ਅਗਸਤ ਦੌਰਾਨ ਜੀਐਸਟੀ ਮਾਲੀਏ ਵਿੱਚ 17 ਪ੍ਰਤੀਸ਼ਤ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਰਗੇ ਵੱਡੇ ਰਾਜਾਂ ਤੋਂ ਅੱਗੇ ਰਿਹਾ।
Punjab has registered a healthy growth in GST Revenue in August 2022. In 5 Months of FY 22-23, the State has registered a growth of 23% in GST Revenue as compared to FY 21-22. The measures taken by @BhagwantMann Govt to plug leakages and augment revenue are clearly showing result pic.twitter.com/i5Oqenyr9P
— Adv Harpal Singh Cheema (@HarpalCheemaMLA) September 1, 2022
ਇਸੇ ਦੌਰਾਨ, ਵਿੱਤੀ ਸਾਲ 2022-23 ਦੇ ਬਜਟ ਵਿੱਚ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦਰ ਦੀ ਲੀਹ ‘ਤੇ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਯਤਨ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਜੀਐਸਟੀ ਮੁਆਵਜ਼ੇ ‘ਤੇ ਹੀ ਨਿਰਭਰ ਰਹੀ।