ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਵਚਨਬੱਧ ਹੈ।
ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਸਹੀ ਅਨੁਮਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਹੋਰ ਕੀੜਿਆਂ ਦੇ ਹਮਲੇ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਵੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਮਦਦ ਕਰਨਾ ਸਰਕਾਰ ਦਾ ਫ਼ਰਜ਼ ਬਣਦਾ ਹੈ।
ਇਕ ਹੋਰ ਮੁੱਦੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਦਾ ਇਕ ਇੰਚ ਵੀ ਐਕੁਵਾਇਰ ਕਰਨ ਮੌਕੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।