ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਦਾ ਰੇੜਕਾ! ਘੱਟ ਗਿਣਤੀ ਕਮਿਸ਼ਨ ਖਿਲਾਫ ਅਕਾਲੀ ਦਲ ਨੇ ਕੀਤੀ ਕਾਰਵਾਈ ਮੰਗ

Global Team
3 Min Read

ਚੰਡੀਗੜ੍ਹ : ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਰੇੜਕਾ ਇਸ ਵਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। 9 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਤੋਂ ਪਹਿਲਾਂ ਸਿਆਸੀ ਘਮਾਸਾਨ ਸਿਖਰ ‘ਤੇ ਹੈ। ਇੱਕ ਪਾਸੇ ਬੀਬੀ ਜਗੀਰ ਕੌਰ ਜਿਹੜੇ ਪ੍ਰਧਾਨਗੀ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਤਾਂ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾ ਸਿਰਫ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕੀਤਾ ਗਿਆ ਹੈ ਬਲਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਆਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।

ਦਰਅਸਲ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅਹਿਮ ਫੈਸਲੇ ਸੁਣਾਏ ਗਏ। ਜਿਸ ਵਿੱਚ ਉਨ੍ਹਾਂ ਕਿਹਾ ਕਿ, “ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੂੰ ਉਸਦੇ ਅਹੁਦੇ ਤੋਂ ਬਰਖਾਸਤ ਕਰਨ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਨੂੰ ਕਿਹਾ ਗਿਆ ਹੈ ਕਿ ਲਾਲਪੁਰਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਜਥੇਬੰਦੀ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦਾ ਸਮਰਥਨ ਕਰਨ ਲਈ ਫੋਨ ਕਰਕੇ ਸਿੱਖ ਭਾਈਚਾਰੇ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਲਾਲਪੁਰਾ ਦਾ ਕੰਮ ਘੱਟ ਗਿਣਤੀਆਂ ਦੀ ਰੱਖਿਆ ਕਰਨਾ ਹੈ ਕਿਉਂ ਕਿ ਉਹ ਇਸੇ ਕੰਮ ਲਈ ਸੰਵਿਧਾਨਕ ਅਹੁੱਦੇ ਤੇ ਹੈ ਜਦੋਂਕਿ ਲਾਲਪੁਰਾ ਇਸ ਦੇ ਸੰਸਦੀ ਬੋਰਡ ਅਤੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਵਜੋਂ ਆਪਣੀ ਦੋਹਰੀ ਭੂਮਿਕਾ ਵਿਚ ਭਾਜਪਾ ਦੇ ਹਿੱਤਾਂ ਦੀ ਰੱਖਿਆ ਲਈ ਕੰਮ ਕਰ ਰਹੇ ਹਨ। ਅਸਲ ਵਿੱਚ ਇਹ ਹਿੱਤਾਂ ਦੇ ਟਕਰਾਅ ਦਾ ਮਾਮਲਾ ਹੈ। ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਸਖ਼ਤ ਨੋਟਿਸ ਲੈਣ ਲਈ ਵੀ ਕਿਹਾ ਅਤੇ ਕਿਹਾ ਕਿ ਸਿੱਖ ਆਪਣੇ ਗੁਰਦੁਆਰਿਆਂ ਨੂੰ ਭਾਜਪਾ ਅਤੇ ਆਰਐਸਐਸ ਦੇ ਹਵਾਲੇ ਕਰਨ ਦੀ ਕਦੇ ਵੀ ਆਗਿਆ ਨਹੀਂ ਦੇਣਗੇ।

ਦੱਸ ਦੇਈਏ ਕਿ ਜਿੱਥੇ ਘੱਟ ਗਿਣਤੀ ਕਮਿਸ਼ਨ ਦਾ ਇਹ ਮਾਮਲਾ ਸਾਹਮਣੇ ਆਇਆ ਹੈ ਤਾਂ ਉੱਥੇ ਹੀ ਅਕਾਲੀ ਦਲ ਦਾ ਇਹ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਜ਼ੋ ਬਾਗੀ ਸੁਰ ਅਖਤਿਆਰ ਕੀਤੇ ਗਏ ਹਨ ਉਸ ਪਿੱਛੇ ਕੋਈ ਵੱਡੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦਾ ਇਸ਼ਾਰਾ ਅਸਿੱਧੇ ਤੌਰ ‘ਤੇ ਭਾਜਪਾ ਵੱਲ ਮੰਨਿਆ ਜਾ ਰਿਹਾ ਹੈ। ਉੱਧਰ ਦੂਜੇ ਪਾਸੇ ਜੇਕਰ ਗੱਲ ਬੀਬੀ ਜਗੀਰ ਕੌਰ ਦੀ ਕਰ ਲਈਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਉਨ੍ਹਾਂ ਦਾ ਪੱਖ ਸੁਣਿਆਂ ਗਿਆ।

Share This Article
Leave a Comment