ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਵਿਰੋਧੀਆਂ ਨੂੰ ਆੜੇ ਹੱਥੀਂ ਲਿਆ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਕੇਂਦਰ, ਭਾਜਪਾ ਅਤੇ ‘ਆਪ’ ਸਮੇਤ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਤਿਆਰ ਹਨ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। .
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੋਟਾਂ ਮੰਗਣ ਵਾਲਿਆਂ ਨੂੰ ਨੱਥ ਪਾਉਣ ਲਈ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਮੈਂਬਰ ਪੰਥ ਵਿਰੋਧੀ ਤਾਕਤਾਂ ਨੂੰ ਢੁੱਕਵਾਂ ਜਵਾਬ ਦੇਣ ਲਈ ਉਤਾਵਲੇ ਸਨ ਅਤੇ ਇਸੇ ਕਰਕੇ ਉਨ੍ਹਾਂ ਨੇ ਆਮ ਨਾਲੋਂ ਵੀ ਵੱਧ ਗਿਣਤੀ ਵਿੱਚ ਇਕੱਠ ਕੀਤਾ ਸੀ। “ਮੈਨੂੰ ਭਰੋਸਾ ਹੈ ਕਿ ਸ਼੍ਰੋਮਣੀ ਅਕਾਲੀ ਦਲ SGPC ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ।” ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਦਲ ਨੇ ਮੈਂਬਰਾਂ ਨੂੰ ਐਡਵੋਕੇਟ ਧਾਮੀ ਦੀ ਉਮੀਦਵਾਰੀ ਪਿੱਛੇ ਇਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਤੋਂ ਹਟਣ ਲਈ ਆਖਰੀ ਸਮੇਂ ਦੀ ਅਪੀਲ ਕਰਦਿਆਂ ਕਿਹਾ, “ਤੁਸੀਂ ਆਪਣੀ ਸਾਰੀ ਜ਼ਿੰਦਗੀ ਸ਼੍ਰੋਮਣੀ ਅਕਾਲੀ ਦਲ ਵਿਚ ਬਿਤਾਈ ਹੈ ਅਤੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬਜਾਏ ਪੰਥ ਦੀਆਂ ਮਰਿਆਦਾਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ”। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਬੀਬੀ ਜਗੀਰ ਕੌਰ ਨੂੰ ਜਿਤਾਉਣਾ ਚਾਹੁੰਦੀ ਹੈ।