ਅੰਮ੍ਰਿਤਸਰ : ਸਿੱਖਾਂ ਦੀ ਸਰਬ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਅੱਜ ਹੋਵੇਗੀ। ਇਸ ਵਿੱਚ ਮੁਖੀ ਸਮੇਤ ਵੱਖ-ਵੱਖ ਅਹੁਦਿਆਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਲਿਫਾਫਿਆਂ ਰਾਹੀਂ ਨਹੀਂ ਸਗੋਂ ਪਰਚੀ (ਵੋਟਿੰਗ) ਰਾਹੀਂ ਹੋਵੇਗੀ। ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਨਜ਼ਰ ਇਨ੍ਹਾਂ ਚੋਣਾਂ ਉਤੇ ਟਿਕੀਆਂ ਹੋਈਆਂ ਹਨ। ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਵੋਟਿੰਗ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਹੋਵੇਗੀ। ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਸਿੱਖਾਂ ਦੀ ਸੰਸਥਾ ਦੇ ਪ੍ਰਧਾਨ ਦਾ ਨਾਂ ਬੈਲੇਟ ਪੇਪਰ ਰਾਹੀਂ ਤੈਅ ਹੋਵੇਗਾ।
ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੀ ਬਾਗੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਮੁਕਾਬਲਾ ਹੈ। ਬੀਬੀ ਜਗੀਰ ਕੌਰ ਦੇ ਮੈਦਾਨ ਵਿੱਚ ਉਤਰਨ ਨਾਲ ਇਸ ਵਾਰ ਚੋਣ ਦਿਲਚਸਪ ਬਣ ਗਈ ਹੈ। ਐੱਸਜੀਪੀਸੀ ਦੇ 157 ਮੈਂਬਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੋਵੇਗੀ।
ਪ੍ਰਧਾਨ ਦੇ ਅਹੁਦੇ ਲਈ ਦੋ ਦਾਅਵੇਦਾਰਾਂ ਤੋਂ ਬਾਅਦ ਹੁਣ ਜਨਰਲ ਹਾਊਸ ਵਿੱਚ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਦੋਵਾਂ ਦਾਅਵੇਦਾਰਾਂ ਦੇ ਪੋਲਿੰਗ ਏਜੰਟ ਵੋਟਿੰਗ ਮੈਂਬਰਾਂ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਪਰਚੀ ਦੇਣਗੇ। ਮੈਂਬਰ ਆਪਣੀ ਪਸੰਦ ਦੇ ਉਮੀਦਵਾਰ ਦਾ ਨਾਂ ਸਲਿੱਪ ‘ਤੇ ਪਾ ਕੇ ਬੈਲਟ ਬਾਕਸ ‘ਚ ਪਾਵੇਗਾ ਅਤੇ ਉਸ ਤੋਂ ਬਾਅਦ ਸਭ ਦੇ ਸਾਹਮਣੇ ਗਿਣਤੀ ਕੀਤੀ ਜਾਵੇਗੀ ਅਤੇ ਜਿਸ ਦਾ ਨਾਂ ਹੈ, ਉਸ ਨੂੰ ਮੁਖੀ ਐਲਾਨਿਆ ਜਾਵੇਗਾ।
ਸਾਬਕਾ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਖ਼ਤਮ ਕਰਨ ਲਈ ਇਕਜੁੱਟ ਹੋਣ।
ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨੈਤਿਕਤਾ ਦੇ ਆਧਾਰ ’ਤੇ ਵੋਟ ਪਾਉਣ। ਉਨ੍ਹਾਂ ਕਿਹਾ ਕਿ ਬਾਦਲਾਂ ਤੋਂ ਸਿੱਖ ਸੰਸਥਾ ਦਾ ਕਬਜ਼ਾ ਲੈਣ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਬੀਬੀ ਜਗੀਰ ਕੌਰ ਦਾ ਸਮਰਥਨ ਕੀਤਾ ਤੇ ਉਨ੍ਹਾਂ ਵੱਲੋਂ ਲਿਫਾਫਾ ਪ੍ਰਣਾਲੀ ਖ਼ਿਲਾਫ਼ ਕੀਤੀ ਆਵਾਜ਼ ਬੁਲੰਦ ਨੂੰ ਜਾਇਜ਼ ਦੱਸਿਆ।
ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਡੀ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨਾਲ ਤੁਰਨ ਵਾਲੇ ਉਹ ਮੈਂਬਰ ਹਨ ਜੋ ਪਹਿਲਾਂ ਬੀਬੀ ਜਗੀਰ ਕੌਰ ਦਾ ਵਿਰੋਧ ਕਰਦੇ ਹਨ।