ਬਟਾਲਾ : ਕਹਿੰਦੇ ਨੇ ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ ਹੁੰਦੇ ਹਨ ਤੇ ਜਦੋਂ ਇਹ ਕਹਾਵਤ ਸਰਕਾਰਾਂ ਨਾਲ ਜੋੜ ਕੇ ਦੇਖੀ ਜਾਂਦੀ ਹੈ ਤਾਂ ਕਿਤੇ ਨਾ ਕਿਤੇ ਸੱਚੀ ਪ੍ਰਤੀਤ ਹੁੰਦੀ ਹੈ। ਮੀਡੀਆ ‘ਚ ਸਰਕਾਰ ਵੱਲੋਂ ਬਹੁਤ ਸਾਰੇ ਬਿਆਨ ਜਾਰੀ ਕੀਤੇ ਜਾਂਦੇ ਹਨ ਜਦੋਂ ਕਿ ਇਨ੍ਹਾਂ ਬਿਆਨਾਂ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੁੰਦੀ ਹੈ। ਹਾਲ ਹੀ ‘ਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਟਾਲਾ ਦੇ ਪਿੰਡ ਫਤਹਿਗੜ੍ਹ ਚੂੜੀਆਂ ‘ਚ ਪਹੁੰਚੇ ਸਨ। ਇੱਥੇ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਝੋਨੇ ਦੀ ਵਿਕਰੀ 12 ਘੰਟਿਆਂ ‘ਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਪੂਰਾ ਪੂਰਾ ਫਾਇਦਾ ਹੋ ਰਿਹਾ ਹੈ।
ਪਰ ਹੁਣ ਜੇਕਰ ਜ਼ਮੀਨੀ ਹਕੀਕਤ ਦੀ ਗੱਲ ਕਰ ਲਈਏ ਤਾਂ ਪੰਜਾਬ ਦੇ ਕਈ ਪਿੰਡ ਅਜਿਹੇ ਹਨ ਜਿੱਥੇ ਪਿਛਲੇ 20 20 ਦਿਨ ਬੀਤ ਜਾਣ ‘ਤੇ ਵੀ ਝੌਨਾ ਨਹੀਂ ਵਿਕਿਆ ਅਤੇ ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਖੈਰ ਇਸ ਮੌਕੇ ਬੋਲਦਿਆਂ ਧਾਲੀਵਾਲ ਨੇ ਜਿੱਥੇ ਮਾਨ ਸਰਕਾਰ ਦੀਆਂ ਤਾਰੀਫਾਂ ਦੇ ਪੁਲ ਬੰਨੇ ਤਾਂ ਉੱਥੇ ਹੀ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਅਮਨ ਕਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮਾਨ ਸਰਕਾਰ ਲਗਾਤਾਰ ਕਾਰਜ ਕਰ ਰਹੀ ਹੈ।