ਇਸਲਾਮਾਬਾਦ— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਲਗਾਤਾਰ ਹਮਲੇ ਹੋ ਰਹੇ ਹਨ। ਜਿਸ ਦੇ ਚਲਦਿਆਂ ਹੁਣ ਇਸਲਾਮਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਹੱਤਿਆ ਦੀ ਇਕ ਹੋਰ ਕੋਸ਼ਿਸ਼ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ‘ਤੇ ਖਤਰੇ ਦਾ ਨੋਟਿਸ ਲਵੇ। ਚੀਫ਼ ਜਸਟਿਸ ਆਮਿਰ ਫਾਰੂਕ ਦੀ ਇਹ ਟਿੱਪਣੀ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਵੱਲੋਂ ਕੀਤੇ ਗਏ ਪ੍ਰਦਰਸ਼ਨ ਕਾਰਨ ਸੜਕ ਜਾਮ ਕਰਨ ਦੇ ਸਬੰਧ ਵਿੱਚ ਵਪਾਰੀਆਂ ਵੱਲੋਂ ਦਾਇਰ ਪਟੀਸ਼ਨ ਦੇ ਮੱਦੇਨਜ਼ਰ ਆਈ ਹੈ।
ਮੀਡੀਆ ਰਿਪੋਰਟ ਮੁਤਾਬਕ ਅਦਾਲਤ ਵਿਚ ਪੇਸ਼ ਕੀਤੀ ਗਈ ਖੁਫੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਜੱਜ ਨੇ ਕਿਹਾ ਕਿ ਖਾਨ ‘ਤੇ ਇਕ ਹੋਰ ਘਾਤਕ ਹਮਲੇ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ, “ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ‘ਤੇ ਵਿਚਾਰ ਕਰਨਾ ਹੋਵੇਗਾ।”
ਜਸਟਿਸ ਫਾਰੂਕ ਨੇ ਕਿਹਾ ਕਿ ਖਾਨ ਦੀ ਪਾਰਟੀ ਨੂੰ ਇਸਲਾਮਾਬਾਦ ਪ੍ਰਸ਼ਾਸਨ ਨੂੰ ਆਪਣੇ ਮਾਰਚ ਦੀ ਇਜਾਜ਼ਤ ਮੰਗਣ ਲਈ ਨਵੀਂ ਅਰਜ਼ੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ, ”ਜੇਕਰ ਮਸਲਾ ਹੱਲ ਨਾ ਹੋਇਆ ਤਾਂ ਨਵੀਂ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ।” ਉਨ੍ਹਾਂ ਕਿਹਾ ਕਿ ਧਰਨੇ ਲਈ ਜਗ੍ਹਾ ਅਲਾਟ ਕਰਨਾ ਅਦਾਲਤ ਦੀ ਜ਼ਿੰਮੇਵਾਰੀ ਨਹੀਂ ਹੈ। ਉਨ੍ਹਾਂ ਕਿਹਾ, ‘‘ਇਹ ਪ੍ਰਸ਼ਾਸਨ ਦੀ ਮਰਜ਼ੀ ਹੈ ਕਿ ਉਹ ਡੀ-ਚੌਕ ਜਾਂ ਐਫ-9 ਪਾਰਕ ਅਲਾਟ ਕਰਨਾ ਚਾਹੁੰਦਾ ਹੈ।’’ ਜੱਜ ਨੇ ਕਿਹਾ, ‘‘ਸੁਪਰੀਮ ਕੋਰਟ ਨੇ ਵੀ ਇਹੀ ਕਿਹਾ ਸੀ।
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਖਾਨ ਦੇ ਵਿਰੋਧ ਮਾਰਚ ਨੂੰ ਰੋਕਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਇਹ ਇਕ ਸਿਆਸੀ ਮੁੱਦਾ ਹੈ ਅਤੇ ਇਸ ਨੂੰ ਸਿਆਸੀ ਤੌਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।