ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਹਾਤੇ ਵਿੱਚ ਇੱਕ ਭਾਰਤੀ ਔਰਤ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਦੀ ਇਕ ਮਹਿਲਾ ਪ੍ਰੋਫੈਸਰ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਇਕ ਅਧਿਕਾਰੀ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।
ਉਸ ਨੇ ਉੱਥੇ ਦੇ ਇੱਕ ਅਧਿਕਾਰੀ ‘ਤੇ ਅਸ਼ਲੀਲ ਗੱਲਾਂ ਕਹਿਣ ਅਤੇ ਅਪਸ਼ਬਦ ਬੋਲਣ, ਕਈ ਇਤਰਾਜ਼ਯੋਗ ਸਵਾਲ ਪੁੱਛਣ ਸਮੇਤ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ।
ਇਸ ਬਾਰੇ ਪੁੱਛੇ ਜਾਣ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ, “ਅਸੀਂ ਇਹ ਮੁੱਦਾ ਪਾਕਿਸਤਾਨੀ ਅਧਿਕਾਰੀਆਂ ਕੋਲ ਉਠਾਇਆ ਹੈ। ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।
ਬਾਗਚੀ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦਾ ਬਿਆਨ ਵੀ ਦੇਖਿਆ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।