ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਡੇਰਾ ਮੁਖੀ, ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਦਸ ਦਈਏ ਕਿ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ, ਪਰ ਕਿਸੇ ਤਕਨੀਕੀ ਕਾਰਨ ਕਰਕੇ ਉਨ੍ਹਾਂ ਨੇ ਪਟੀਸ਼ਨ ਵਾਪਸ ਲੈ ਲਈ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇੱਕ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਵਕੀਲ ਪ੍ਰੇਮ ਸਿੰਘ ਹੁੰਦਲ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਅਜਿਹੇ ਕੱਟੜ ਅਪਰਾਧੀ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਕਿਉਂਕਿ ਇਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋਣ ਦਾ ਖਤਰਾ ਹੈ, ਜੋ ਕਤਲ ਅਤੇ ਬਲਾਤਕਾਰ ਵਰਗੇ ਗੰਭੀਰ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਇੰਨਾ ਹੀ ਨਹੀਂ ਰਾਮ ਰਹੀਮ ਨੇ ਪੰਜਾਬ ‘ਚ ਬੇਅਦਬੀ ਕਰਵਾਉਣ ‘ਚ ਵੀ ਭੂਮਿਕਾ ਨਿਭਾਈ ਹੈ। ਹੁੰਦਲ ਨੇ ਕਿਹਾ ਕਿ ਜਦੋਂ ਬਹਿਸ ਹੋਵੇਗੀ ਤਾਂ ਅਸੀਂ ਕੁਝ ਫੈਸਲੇ ਅਦਾਲਤ ਨੂੰ ਵੀ ਭੇਜਾਂਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.