ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Rajneet Kaur
2 Min Read

ਚੰਡੀਗੜ੍ਹ :(ਦਰਸ਼ਨ ਸਿੰਘ ਸਿੱਧੂ) : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਣਵੀਰ ਕੌਰ, ਵਾਸੀ ਨਹਿਰੂ ਨਗਰ, ਫਗਵਾੜਾ, ਜੋ ਕਿ ਹੁਣ ਸਲੋਹ, ਯੂ.ਕੇ. ਵਿਖੇ ਰਹਿ ਰਹੀ ਹੈ, ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਮ ਦੀ ਦਰੁਸਤੀ ਕਰਾਉਣ ਬਦਲੇ 15,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਪਹਿਲਾਂ ਹੀ ਉਸ ਤੋਂ ਉਕਤ ਮੰਤਵ ਲਈ 25,000 ਰੁਪਏ ਲੈ ਚੁੱਕਾ ਹੈ ਅਤੇ ਹਿਣ ਹੋਰ ਪੈਸੇ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share This Article
Leave a Comment