700 ਵਿਦਿਆਰਥੀਆਂ ਦੀ ਡਿਪੋਰਟੇਸ਼ਨ ਦਾ ਮਾਮਲਾ, ਏਜੰਟ ਦਾ ਸਾਥੀ ਆਇਆ ਪੁਲਿਸ ਅੜਿੱਕੇ

Global Team
2 Min Read

ਜਲੰਧਰ: ਸਟੱਡੀ ਵੀਜ਼ਾ ’ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਤੋਂ ਲੱਖਾਂ ਰੁਪਏ ਲੁੱਟ ਕੇ ਉਨ੍ਹਾਂ ਨੂੰ ਵਿਦੇਸ਼ਾਂ ਦੇ ਪ੍ਰਾਈਵੇਟ ਕਾਲਜਾਂ ਦੇ ਫਰਜ਼ੀ ਆਫਰ ਲੈਟਰ ਦੇਣ ਦੇ ਦੋਸ਼ ‘ਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ‘ਚੋਂ 2 ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਕਾਬੂ ਕਾਰੋਬਾਰੀ ਤੋਂ ਫਰਜ਼ੀਵਾੜੇ ਬਾਰੇ ਪੁੱਛਗਿੱਛ ਜਾਰੀ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਵਿਦਿਆਰਥੀਆਂ ਨਾਲ ਧੋਖਾ ਕਰਨ ਵਾਲਾ ਬ੍ਰਿਜੇਸ਼ ਮਿਸ਼ਰਾ ਦਾ ਸਾਥੀ ਦੱਸਿਆ ਜਾ ਰਿਹਾ ਹੈ।

ਡੀ. ਸੀ. ਪੀ. ਹੈੱਡਕੁਆਰਟਰ ਵਤਸਲਾ ਗੁਪਤਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਵੱਖ-ਵੱਖ ਲੋਕਾਂ ਨੇ ਦਿੱਤੀਆਂ ਸ਼ਿਕਾਇਤਾਂ ਵਿਚ ਦੋਸ਼ ਲਾਇਆ ਸੀ ਕਿ ਟਰੈਵਲ ਏਜੰਟੀ ਦਾ ਕਾਰੋਬਾਰ ਕਰਨ ਵਾਲੇ ਕੁਝ ਟਰੈਵਲ ਏਜੰਟ ਪੰਜਾਬ ਦੇ ਵਿਦਿਆਰਥੀਆਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਨੂੰ ਕਾਲਜਾਂ ਦੇ ਫਰਜ਼ੀ ਆਫਰ ਲੈਟਰ ਬਣਾ ਕੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਦੀ ਪਛਾਣ ਬ੍ਰਿਜੇਸ਼ ਮਿਸ਼ਰਾ ਨਿਵਾਸੀ ਗੁਰੂ ਗੋਬਿੰਦ ਸਿੰਘ ਐਵੇਨਿਊ, ਰਾਹੁਲ ਭਾਰਗਵ ਨਿਵਾਸੀ ਰਾਮਾ ਮੰਡੀ ਅਤੇ ਗੁਰਨਾਮ ਸਿੰਘ ਨਿਵਾਸੀ ਮਾਡਲ ਟਾਊਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਰਾਹੁਲ ਭਾਰਗਵ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਹੋਰਨਾਂ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਕੈਨੇਡਾ ਸਰਕਾਰ ਨੇ ਇੱਕ ਵੱਡਾ ਖ਼ੁਲਾਸਾ ਕਰਦੇ ਹੋਏ ਪੜ੍ਹਾਈ ਦੇ ਤੌਰ ’ਤੇ ਕੈਨੇਡਾ ਪਹੁੰਚੇ ਲਗਭਗ 700 ਵਿਦਿਆਰਥੀਆਂ ਦਾ ਫਰਜ਼ੀਵਾੜਾ ਫੜਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੇ ਨਾਲ ਹੀ ਇਸ ਵੱਡੇ ਫਰਜ਼ੀਵਾੜੇ ਵਿਚ ਜਲੰਧਰ ਦੇ ਇਕ ਟਰੈਵਲ ਕਾਰੋਬਾਰੀ ਦਾ ਹੱਥ ਦੱਸਿਆ ਜਾ ਰਿਹਾ ਸੀ। ਧੋਖਾਧੜੀ ਸਾਹਮਣੇ ਆਉਣ ’ਤੇ ਉਕਤ ਕਾਰੋਬਾਰੀ ਆਪਣੇ ਦਫ਼ਤਰ ਨੂੰ ਤਾਲਾ ਲਾ ਕੇ ਫ਼ਰਾਰ ਹੋ ਗਿਆ।

Share This Article
Leave a Comment