ਨਵੀਂ ਦਿੱਲੀ : ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣ ਨੇੜੇ ਆ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦਾ ਅੱਡੀ ਚੋਟੀ ਦਾ ਜ਼ੋਰ ਲੱਗਾ ਹੋਇਆ ਹੈ। ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ। 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਤੇ 13 ਮਈ ਨੂੰ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਸਿਆਸਤ ਵੀ ਪੂਰੇ ਜੌਬਨ ਤੇ ਹੈ। ਆਏ ਦਿਨ ਆਗੂਆਂ ਦੇ ਬਿਆਨ ਤੇ ਜਿੱਤ ਦੇ ਦਾਅਵੇ ਸਾਹਮਣੇ ਆ ਰਹੇ ਹਨ ।
ਦੱਸ ਦਿੰਦੇ ਹਾਂ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਉਨ੍ਹਾਂ ਨੂੰ ਦਿੱਲੀ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਦਿਤੀ। ਉਨ੍ਹਾਂ ਦਾ ਪੁੱਤਰ ਇੰਦਰ ਇਕਬਾਲ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋ ਗਿਆ ਸੀ। ਪੁੱਤਰ ਦੀ ਇੱਛਾ ਦਾ ਸਮਰਥਨ ਕਰਦਿਆਂ ਚਰਨਜੀਤ ਸਿੰਘ ਅਟਵਾਲ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਗਵਾ ਪਾਰਟੀ ਵਿਚ ਸ਼ਾਮਲ ਹੋ ਗਏ। ਅਟਵਾਲ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ।
ਦਸਣਯੋਗ ਹੈ ਕਿ 19 ਅਪ੍ਰੈਲ ਨੂੰ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਸੀ। ਚਰਨਜੀਤ ਸਿੰਘ ਅਟਵਾਲ ਦਾ ਜਨਮ 15 ਮਾਰਚ 1937 ਨੂੰ ਹੋਇਆ ਸੀ, ਉਹ 2004 ਤੋਂ 2009 ਤਕ ਭਾਰਤ ਦੀ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਵੀ ਰਹੇ ਸਨ।
ਉਨ੍ਹਾਂ ਨੇ 14ਵੀਂ ਲੋਕ ਸਭਾ ਵਿਚ ਪੰਜਾਬ ਦੇ ਫਿਲੌਰ ਹਲਕੇ ਦੀ ਨੁਮਾਇੰਦਗੀ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਰਹੇ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਪੰਜਾਬ ਤੋਂ ਕਈ ਹੋਰ ਸਾਥੀਆਂ ਸਮੇਤ ਐਤਵਾਰ ਨੂੰ ਨਵੀਂ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਐਤਵਾਰ ਨੂੰ ਰਾਜਧਾਨੀ ਵਿਚ ਪਾਰਟੀ ਦੇ ਰਾਸ਼ਟਰੀ ਮੁੱਖ ਦਫ਼ਤਰ ਵਿਚ ਸੀਨੀਅਰ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਭਾਜਪਾ ਵਿਚ ਸ਼ਾਮਲ ਕੀਤਾ ਗਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.