ਚੰਡੀਗੜ੍ਹ: CM ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦਾ ਹੱਕ ਸਿਰਫ਼ ਇੱਕ ਖ਼ਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਹਨ।ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ ‘ਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਹਰ ਸੰਭਵ ਸਹਾਇਤਾ ਦੇਣ ਅਤੇ ਇਸ ਦੇ ਖਰਚੇ ਚੁੱਕਣ ਲਈ ਤਿਆਰ ਹੈ।
ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸਰਬੱਤ ਦੇ ਭਲੇ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਫੈਲਾਉਣ ਦੇ ਟੀਚੇ ਨਾਲ ਸਰਬ ਸੰਜੀਦਾ ਗੁਰਬਾਣੀ ਨੂੰ ਵਿਸ਼ਵ ਭਰ ‘ਚ ਪਹੁੰਚਾਉਣ ਲਈ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ ਸੀ।