ਵਿਜੀਲੈਂਸ ਬਿਊਰੋ ਡਰਾਈਵਿੰਗ ਟੈਸਟ ਦਿਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਂਦਾ ਪ੍ਰਾਈਵੇਟ ਏਜੰਟ ਕੀਤਾ ਕਾਬੂ

Rajneet Kaur
1 Min Read

ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿਚ ਇਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ।

ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿਤੇ ਉਸ ਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਏਜੰਟ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Share This Article
Leave a Comment