ਚੰਡੀਗੜ੍ਹ: ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕਰਦਿਆਂ ਦੁਹਰਾਇਆ ਕਿ CM ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹਿਣ ਦੀ ਸ਼ਾਨਦਾਰ ਪਰੰਪਰਾ ਹੈ।
ਉਨ੍ਹਾਂ ਸਪੱਸ਼ਟ ਤੌਰ ’ਤੇ ਜ਼ਿਕਰ ਕੀਤਾ ਕਿ ਦੇਸ਼ ਆਪਣੇ ਨਾਇਕਾਂ ਦਾ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਅਤੇ ਮਾਤ ਭੂਮੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਭਾਰਤੀ ਫੌਜ ਦੀ ਪੇਸ਼ੇਵਰ ਪਹੁੰਚ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਰਾਸ਼ਟਰ ਨਿਰਮਾਣ ਵਿੱਚ ਰੱਖਿਆ ਬਲਾਂ ਦੇ ਅਮੁੱਲ ਯੋਗਦਾਨ ਨੂੰ ਸਰਾਹਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਾਲਾ ਹਰ ਸੈਨਿਕ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਦਾ ਹੈ। ਇਸ ਲਈ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਸਾਡਾ ਵੀ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ 36 ਸਾਲ ਪਹਿਲਾਂ ਚੱਲੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਇਸ ਆਪ੍ਰੇਸ਼ਨ ਵਿੱਚ ਸੂਬੇ ਦੇ 115 ਜਵਾਨਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।