ਚੰਡੀਗੜ੍ਹ: ਪਰਾਲੀ ਸਾੜਨ ‘ਤੇ ਮਾਮਲਾ ਦਰਜ ਕਰਨ ਤੋਂ ਨਾਰਾਜ਼ 18 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ। ਫਤਿਹਗੜ੍ਹ ਸਾਹਿਬ ਵਿੱਚ ਟਰਾਲੀਆਂ ਵਿੱਚ ਪਰਾਲੀ ਭਰ ਕੇ ਡੀਸੀ ਦਫ਼ਤਰ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ।
ਕਿਸਾਨਾਂ ਦੇ ਇੱਕ ਜਥੇ ਨੂੰ ਗੁਰਦੁਆਰਾ ਜੋਤੀ ਸਵਰੂਪ ਸਾਹਿਬ ਨੇੜੇ ਰੋਕ ਲਿਆ ਗਿਆ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਜਿਸ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਅਤੇ ਹਰਿਆਣਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ। ਪਰਾਲੀ ਨੂੰ ਟਰਾਲੀਆਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਕਿ ਪ੍ਰਸ਼ਾਸਨ ਨੂੰ ਪੁੱਛਿਆ ਜਾਵੇ ਕਿ ਇਸ ਨੂੰ ਕਿਵੇਂ ਸੰਭਾਲਣਾ ਹੈ ਜਾਂ ਪ੍ਰਸ਼ਾਸਨ ਖੁਦ ਪਰਾਲੀ ਦੀ ਸੰਭਾਲ ਕਰਦਾ ਹੈ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਵੱਲੋਂ 932 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਦਕਿ 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀਜ਼ ਵੀ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।