ਚੰਡੀਗੜ੍ਹ: ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਫਿਰ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਬਣਾ ਰਹੀ ਹੈ। ਕਾਤਲ ਅਤੇ ਬਲਾਤਕਾਰ ਦੇ ਸੰਗੀਨ ਦੋਸ਼ਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਦੇ ਕੰਨਾਂ ਤੱਕ ਨਹੀਂ ਪਹੁੰਚ ਰਹੀ।ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।