ਚੰਡੀਗੜ੍ਹ : CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ।
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।