ਅੰਮ੍ਰਿਤਸਰ: ਪੰਜਾਬ ਬਚਾਓ ਯਾਤਰਾ ਨੂੰ ਪਵਿੱਤਰ ਨਗਰੀ ਵਿਚ ਇਤਿਹਾਸਕ ਹੁੰਗਾਰਾ ਮਿਲਿਆ ਅਤੇ ਹਜ਼ਾਰਾ ਲੋਕ ਯਾਤਰਾ ਵਿਚ ਸ਼ਾਮਲ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਤੌਰ ’ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕ ਵੀ ਸ਼ਾਮਲ ਸਨ ਜਿਹਨਾਂ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਨਾ ਦੇਣ ’ਤੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਖਿਲਾਫ ਰੋਸ ਪ੍ਰਗਟ ਕੀਤਾ।
ਕੇਸਰੀ ਨਿਸ਼ਾਨ ਦੇ ਸਮੁੰਦਰ ਤੇ ’ਉਠੋ ਵੀ ਸ਼ੇਰ ਪੰਜਾਬੀਓ, ਪੰਜਾਬ ਬਚਾ ਲੋ’ ਗੀਤ ਦੀ ਆਵਾਜ਼ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਲੋਕਾਂ ਨੂੰ ਗਰਮਜੋਸ਼ੀ ਨਾਲ ਮਿਲੇ ਜਿਹਨਾਂ ਨੇ ਉਹਨਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ ਅਤੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ। ਪਾਰਟੀ ਪ੍ਰਧਾਨ ਨੇ ਅੱਜ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਸਾਰੇ ਰਸਤੇ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਆਪ ਨੂੰ ਠੁਕਰਾ ਕੇ ਇਸ ਭ੍ਰਿਸ਼ਟ ਸਰਕਾਰ ਦਾ ਭੋਗ ਪਾਉਣ ਦੀ ਸ਼ੁਰੂਆਤ ਕਰਨ।
ਵੱਡੀ ਗਿਣਤੀ ਵਿਚ ਬਜ਼ੁਰਗ ਲੋਕਾਂ ਨੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਇੰਡੀਆ ਗੇਟ ’ਤੇ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਆਪ ਸਰਕਾਰ ਨੇ ਉਹਨਾਂ ਦੇ ਨੀਲੇ ਕਾਰਡ ਕੱਟ ਦਿੱਤੇ ਹਨ। ਇਸ ਮੌਕੇ ਪਿੰਡ ਕਾਲੇ ਘਨੂਪੁਰ ਤੋਂ ਸਵਿੰਦਰ ਕੌਰ ਤੇ ਨਰਿੰਦਰ ਕੌਰ ਸਮੇਤ ਔਰਤਾਂ ਅਤੇ ਛੇਹਰਟਾ ਤੋਂ ਲਖਵੰਤ ਸਿੰਘ ਤੇ ਬਸੰਤ ਸਿੰਘ ਸਮੇਤ ਲੋਕਾਂ ਨੇ ਦੱਸਿਆ ਕਿ ਬਿਨਾਂ ਕਿਸੇ ਤਰਕ ਦੇ ਉਹਨਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਜਦੋਂ ਕਿ ਉਹ ਸਸਤਾ ਰਾਸ਼ਨ ਲੈਣ ਦੇ ਪੂਰੇ ਹੱਕਦਾਰ ਹਨ।
ਲੋਕਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ 80ਵਿਆਂ ਦੀ ਉਮਰ ਦੇ ਬਜ਼ੁਰਗਾਂ ਦੇ ਸਮਾਜ ਭਲਾਈ ਲਾਭ ਵਿਚ ਕਟੌਤੀ ਕਰ ਕੇ ਉਹਨਾਂ ਨੂੰ ਮੁਸ਼ਕਿਲਾਂ ਵਿਚ ਝੱਲ ਰਹੇ ਹਨ।
ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਲੋਕਾਂ ਤੋਂ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਇਨਕਾਰੀ ਕਿਉਂ ਹਨ ? ਉਹਨਾਂ ਕਿਹਾ ਕਿ ਸ਼ਗਨ ਸਕੀਮ ਬੰਦ ਕਰ ਦਿੱਤੀ ਗਈ ਹੈ ਜਦੋਂ ਕਿ ਬੁਢਾਪਾ ਪੈਨਸ਼ਨ ਸਕੀਮ ਤੇ ਆਟਾ ਦਾਲ ਸਕੀਮਾਂ ਵਰਗੀਆਂ ਸਕੀਮਾਂ ਵਿਚ ਵੱਡੀ ਕਟੌਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਤਹਿਤ ਸਸਤੀ ਕਣਕ ਤੋਂ 40 ਲੱਖ ਲੋਕਾਂ ਨੂੰ ਨਾਂਹ ਕਰ ਦਿੱਤੀ ਗਈ ਤੇ ਕਿਹਾ ਕਿ ਅਜਿਹੀਆਂ ਅਣਮਨੁੱਖੀ ਹਰਕਤਾਂ ਦੀ ਇਕ ਚੁਣੀ ਹੋਈ ਸਰਕਾਰ ਤੋਂ ਆਸ ਨਹੀਂ ਕੀਤੀ ਜਾ ਸਕਦੀ।
ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੇ ਬਿਜਲੀ ਬਿੱਲਾਂ ਸਮੇਤ ਬਾਦਲ ਨਾਲ ਮੁਲਾਕਾਤ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਸਸਤੀ ਬਿਜਲੀ ਸਹੂਲਤ ਦਾ ਲਾਹਾ ਸਿਰਫ ਇਸ਼ਤਿਹਾਰਬਾਜ਼ੀ ਵਾਸਤੇ ਕੀਤਾ ਜਾ ਰਿਹਾ ਹੈ ਜਦੋਂ ਕਿ ਇਸਦਾ ਪੂਰਾ ਲਾਭ ਲੋਕਾਂ ਨੂੰ ਨਹੀਂ ਦਿੱਤਾ ਜਾ ਰਿਹਾ। ਬਾਦਲ ਨੇ ਮੁੱਖ ਮੰਤਰੀ ਵੱਲੋਂ ਗਰੀਬਾਂ ਤੇ ਦਬੇ ਕੁਚਲਿਆਂ ਨੂੰ ਅਣਗੌਲਿਆ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਗਵੰਤ ਮਾਨ ਕੋਲ ਗਰੀਬਾਂ ਵਾਸਤੇ ਸਮਾਂ ਨਹੀਂ ਹੈ ਤੇ ਉਹ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਦੇ ਹਿੱਤਾਂ ਦੀ ਰਾਖੀ ਵਿਚ ਲੱਗੇ ਹਨ ਤੇ ਉਹਨਾਂ ਨੂੰ ਪੰਜਾਬ ਸਰਕਾਰ ਦੇ ਖਰਚੇ ’ਤੇ ਚਾਰਟਡ ਫਲਾਈਟਸ ’ਤੇ ਇਕ ਥਾਂ ਤੋਂ ਦੂਜੀ ਥਾਂ ਲੈ ਕੇ ਜਾਣ ਵਿਚ ਲੱਗੇ ਹਨ।
ਇਸ ਮੌਕੇ ਲੋਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਖਿਲਾਫ ਮੁਹਿੰਮ ਸ਼ੁਰੂ ਕਰਨ ਕਿਉਂਕਿ ਉਹਨਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।
ਇਕ ਮਹਿਲਾ ਨੇ ਬਾਦਲ ਕੋਲ ਪਹੁੰਚ ਕਰ ਕੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨਸ਼ਾ ਤਸਕਰੀ ਦੇ ਪਸਾਰ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਤੇ ਅਕਾਲੀ ਦਲ ਇਸ ’ਤੇ ਨਕੇਲ ਪਾਉਣ ਵਾਸਤੇ ਲੋਕਾਂ ਦੇ ਸਹਿਯੋਗ ਨਾਲ ਲਹਿਰ ਸ਼ੁਰੂ ਕਰਨਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦੁਆਇਆ ਕਿ ਇਕ ਵਾਰ ਅਕਾਲੀ ਦਲ ਸੱਤਾ ਵਿਚ ਆ ਗਿਆ ਤਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਜਿਸ ਕਾਰਨ ਉਹਨਾਂ ਦੀ ਗ੍ਰਿਫਤਾਰੀ ਨਹੀਂ ਹੋ ਰਹੀ ਤੇ ਉਹਨਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਨਹੀਂ ਮਿਲ ਰਹੀ। ਉਹਨਾਂ ਕਿਹਾ ਕਿ ਅਜਿਹੇ ਵਿਧਾਇਕਾਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ।
ਇਕ ਹੋਰ ਗੱਲਬਾਤ ਦੌਰਾਨ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਵਾਅਦਿਆਂ ਨਾਲ ਪੰਜਾਬ ਨੂੰ ਫੇਲ੍ਹ ਕੀਤਾ ਤੇ ਫਿਰ ਭਗਵੰਤ ਮਾਨ ਨੇ ਦੋ ਸਾਲਾਂ ਵਿਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਬਣਾਇਆ।