ਨਿਊਜ਼ ਡੈਸਕ: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਹਰਿਆਣਾ ਦੇ ਸੋਨੀਪਤ, ਝੱਜਰ, ਪੰਚਕੂਲਾ, ਅੰਬਾਲਾ, ਕੈਥਲ, ਹਿਸਾਰ, ਸਿਰਸਾ, ਫਤਿਹਾਬਾਦ ਅਤੇ ਜੀਂਦ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਦਿੱਲੀ ਦੇ ਰੂਟ ਵੀ ਮੋੜ ਦਿੱਤੇ ਗਏ ਹਨ।
ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਨੂੰ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜੋ ਵੀ ਕਰਨਾ ਪਿਆ, ਅਸੀਂ ਉਹ ਕਰਾਂਗੇ। ਗੱਲਬਾਤ ਰਾਹੀਂ ਵੱਡੇ-ਵੱਡੇ ਮਸਲੇ ਹੱਲ ਕੀਤੇ ਜਾ ਸਕਦੇ ਹਨ ਅਤੇ ਇਹ ਮਸਲਾ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੱਕ ‘ਚ ਕੰਮ ਕਰਨਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਹਾਇਤਾ ਰਾਸ਼ੀ ਦਿਤੀ ਜਾ ਚੁੱਕੀ ਹੈ ਅਤੇ ਹੁਣ ਵੀ ਕੇਂਦਰੀ ਮੰਤਰੀ ਪੰਜਾਬ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਸਰਕਾਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਕਿਉਂਕਿ ਗੱਲਬਾਤ ਰਾਹੀਂ ਹੀ ਹੱਲ ਲੱਭਿਆ ਜਾਵੇਗਾ।
ਦਸਣਯੋਗ ਹੈ ਕਿ ਕਿਸਾਨ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਫਿਰ ਤੋਂ ਦਿੱਲੀ ਵੱਲ ਨੂੰ ਨਿਕਲ ਪਏ ਹਨ। ਉਨ੍ਹਾਂ ਦੀ ਪਹਿਲੀ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਕਾਨੂੰਨ ਬਣਾਉਣ ਦੀ ਹੈ। ਇਸ ਤੋਂ ਇਲਾਵਾ ਕਿਸਾਨ ਸਵਾਮੀਨਾਥਨ ਕਮਿਸ਼ਨ (ਕਿਸਾਨ ਮੰਗ) ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਵੀ ਕਰ ਰਹੇ ਹਨ ਅਤੇ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਨੇ ਖੇਤੀ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਵੀ ਸ਼ਾਮਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।