ਸਰਕਾਰ ਗੋਲੀਆਂ ਤੇ ਲਾਠੀਆਂ ਦਾ ਰਾਹ ਛੱਡ ਕੇ ਮੰਨੀਆਂ ਮੰਗਾਂ ਉਤੇ ਅਮਲ ਕਰੇ: ਬਲਬੀਰ ਸਿੰਘ ਸਿੱਧੂ

Global Team
2 Min Read

ਐਸ.ਏ.ਐਸ. ਨਗਰ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਮੰਗਾਂ ਮੰਨਣ ਦੀ ਥਾਂ ਤਸ਼ੱਦਦ ਦਾ ਰਾਹ ਅਪਨਾਉਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਹੈ ਕਿ ਦੇਸ਼ ਦੇ ਅੰਨਦਾਤਾ ਨੂੰ ਸੜਕਾਂ ਤੇ ਰੋਲਣਾ ਪੂਰੇ ਮੁਲਕ ਲਈ ਬਹੁਤ ਹੀ ਸ਼ਰਮਨਾਕ ਵਰਤਾਰਾ ਹੈ।

ਸਿੱਧੂ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਬਹੁਤ ਹੀ ਗੈਰਜ਼ਿੰਮੇਵਾਰੀ ਅਤੇ ਬੇਕਿਰਕੀ ਨਾਲ ਕਿਸਾਨਾਂ ਉਤੇ ਲਾਠੀਚਾਰਜ ਅਤੇ ਗੋਲਾਬਾਰੀ ਕਰ ਕੇ ਸੈਂਕੜੇ ਕਿਸਾਨਾਂ ਨੂੰ ਜ਼ਖ਼ਮੀ ਕਰ ਦਿਤਾ ਹੈ ਜਿਨ੍ਹਾਂ ਵਿਚੋਂ ਬਹੁਤਿਆਂ ਦੀ ਹਾਲਤ ਨਾਜ਼ੁਕ ਹੈ। ਉਹਨਾਂ ਕਿਹਾ ਕਿ ਆਪਣੀਆਂ ਮੰਗੀਆਂ ਗਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਪੁਰਅਮਨ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਹੰਝੂ ਗੈਸ ਦੇ ਗੋਲੇ ਵਰਾਉਣਾ, ਲਾਠੀਚਾਰਜ ਕਰਨਾ ਅਤੇ ਰਬੜ ਦੀਆਂ ਗੋਲੀਆਂ ਚਲਾਉਣਾ ਲੋਕਤੰਤਰ ਦਾ ਘਾਣ ਹੈ।

ਸਾਬਕਾ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਦੀ ਰਾਖੀ ਕਰਨ ਵਿਚ ਬੁਰੀ ਤਰਾਂ ਫੇਲ੍ਹ ਹੋ ਰਹੀ ਹੈ ਕਿਉਂਕਿ ਹਰਿਆਣਾ ਪੁਲੀਸ ਸਾਰਾ ਦਿਨ ਪੰਜਾਬ ਦੀ ਹੱਦ ਵਿਚ ਬੈਠੇ ਕਿਸਾਨਾਂ ਉਤੇ ਡਰੋਨਾਂ ਰਾਹੀਂ ਗੋਲੇ ਦਾਗਦੀ ਰਹੀ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਜ਼ਖ਼ਮੀ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ ਅਤੇ ਉਹਨਾਂ ਦਾ ਇਲਾਜ ਸਰਕਾਰੀ ਖ਼ਰਚੇ ਉਤੇ ਕਰਵਾਇਆ ਜਾਵੇ।

ਸਿੱਧੂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਉਤੇ ਤਸ਼ੱਦਦ ਕਰਨ ਦੀ ਨਿੰਦਾ ਕਰਦਿਆ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਦਿੱਲੀ ਜਾ ਰਹੇ ਕਿਸਾਨਾਂ ਦੇ ਰਾਹ ਵਿਚ ਰੋੜੇ ਅਟਕਾਵੇ ਕਿਉਂਕਿ ਕਿਸਾਨਾਂ ਨੇ ਤਾਂ ਹਰਿਆਣਾ ਵਿਚ ਰੁਕਣਾ ਹੀ ਨਹੀਂ ਹੈ। ਉਹਨਾਂ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦਿੱਲੀ ਸਰਕਾਰ ਤੇ ਕਿਸਾਨਾਂ ਦਰਮਿਆਨ ਨਾ ਆਵੇ ਨਹੀਂ ਤਾਂ ਹਾਲਾਤ ਗੰਭੀਰ ਹੋ ਸਕਦੇ ਹਨ।

ਸਾਬਕਾ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੁੜ ਸੰਘਰਸ਼ ਦਾ ਰਾਹ ਇਸ ਲਈ ਅਖ਼ਤਿਆਰ ਕਰਨਾ ਪਿਆ ਹੈ ਕਿਉਂਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਮੁੱਕਰ ਗਈ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਬੀਤੇ ਤੋਂ ਸਬਕ ਸਿਖਦਿਆਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਉਤੇ ਤੁਰੰਤ ਅਮਲ ਕਰੇ।

Share This Article
Leave a Comment