ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ 16 ਫ਼ਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਸਮੂਹ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ, ਜਿਨ੍ਹਾਂ ਵੱਲੋਂ ਆਪਣੀ ਹੋਂਦ ਹਸਤੀ ਦੀ ਕਾਇਮੀ ਲਈ ਕੀਤੇ ਜਾ ਰਹੇ ਸੰਘਰਸ਼ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 16 ਫ਼ਰਵਰੀ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਹੋਰ ਅਦਾਰੇ ਬੰਦ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦਾ ਮਾਮਲਾ ਨਹੀਂ ਹੈ ਸਗੋਂ ਦੇਸ਼ ਦੀ ਆਰਥਿਕਤਾ ਅਤੇ ਅੰਨ ਭੰਡਾਰ ਦੀ ਮਜਬੂਤ ਸਥਿਤੀ ਨੂੰ ਪਰਿਭਾਸ਼ਿਤ ਕਰਨ ਦਾ ਅਧਾਰ ਵੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਦੇਰੀ ਦੇਸ਼ ਦੇ ਕਿਸਾਨਾਂ ਦੀ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਖੇਤੀ ਸੱਭਿਆਚਾਰ ਨਾਲ ਜੁੜੇ ਹੋਏ ਪੱਖਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਤੇ ਕਿਸਾਨ ਖੁਸ਼ਹਾਲ ਹੋਵੇ।