ਕਿਸਾਨਾਂ ਨੇ 17 ਜ਼ਿਲ੍ਹਿਆਂ ‘ਚ 47 ਥਾਵਾਂ ‘ਤੇ ਪੁਤਲਾ ਫੂਕ ਕੇ ਪ੍ਰਗਟਾਇਆ ਰੋਸ

Rajneet Kaur
2 Min Read

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 47 ਥਾਵਾਂ ‘ਤੇ ਮੋਦੀ, ਅਮਿਤ ਸ਼ਾਹ, ਖੱਟੜ ਤੇ ਅਨਿਲ ਵਿੱਜ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ। ਧਰਨਿਆਂ ਵਿਚ ਇਨ੍ਹਾਂ ਰਾਜਸੀ ਆਗੂਆਂ ਨੂੰ ਖਨੌਰੀ ਬਾਡਰ ਤੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ‘ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਬੱਲ੍ਹੋ ਪਿੰਡ ਦੇ 21 ਸਾਲਾ ਨੌਜਵਾਨ ਸ਼ੁਭਕਰਨ ਦੇ ਕਤਲ ਲਈ ਜ਼ਿੰਮੇਵਾਰ ਗਰਦਾਨਿਆਂ ਅਤੇ ਉਨ੍ਹਾਂ ਉਤੇ 302 ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਵੀ ਇਨ੍ਹਾਂ ਪੁਤਲਾ ਫੂਕ ਮੁਜ਼ਾਹਰਿਆਂ ਵਿਚ ਕੁੱਲ ਮਿਲਾ ਕੇ ਸੈਂਕੜਿਆਂ ਦੀ ਗਿਣਤੀ ਵਿਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਬੁਲਾਰਿਆਂ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ਼ ਗਹਿਰਾ ਅਫਸੋਸ ਸਾਂਝਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦੀ ਮੁੱਖ ਮੰਗ ਤੋਂ ਇਲਾਵਾ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਸਮੇਤ ਸਾਰੀਆਂ ਭਖਦੀਆਂ ਕਿਸਾਨੀ ਮੰਗਾਂ ਖਾਤਰ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਅਗਲੇ ਪੜਾਅ ‘ਤੇ 26 ਫਰਵਰੀ ਨੂੰ ਮੁੱਖ ਹਾਈਵੇਅ ਮਾਰਗਾਂ ‘ਤੇ ਲਾਈਨਾਂ ਵਿੱਚ ਮੀਲਾਂ ਬੱਧੀ ਟਰੈਕਟਰ ਖੜ੍ਹੇ ਕਰਕੇ ਕੇ ਢੁਕਵੀਂਆਂ ਥਾਂਵਾਂ ‘ਤੇ ਡਬਲਯੂ ਟੀ ਓ ਦੇ ਦਿਓ ਕੱਦ ਪੁਤਲੇ ਫੂਕੇ ਜਾਣਗੇ। ਉਸ ਤੋਂ ਅਗਲੇ ਪੜਾਅ ‘ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਕਰਨ ਲਈ ਕਿਸਾਨ ਮਜ਼ਦੂਰ ਕਾਫ਼ਲੇ ਸੈਂਕੜੇ ਮੀਲਾਂ ਦੇ ਪੈਦਲ ਮਾਰਚ ਕਰਕੇ ਦਿੱਲੀ ਪਹੁੰਚਣਗੇ।

ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਊਕਤ ਫੈਸਲਿਆਂ ਬਾਰੇ ਧਰਨਾਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਮੌਜੂਦਾ ਸੰਘਰਸ਼ ਦੀਆਂ ਹੋਰ ਭਖਦੀਆਂ ਮੰਗਾਂ ਜਿਵੇਂ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼, ਸਰਬਵਿਆਪੀ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ, ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੇ ਇਨ੍ਹਾਂ ਸ਼ਹੀਦਾਂ ਦੀ ਕੌਮੀ ਯਾਦਗਾਰ ਬਣਾਉਣ ਉੱਤੇ ਜ਼ੋਰ ਦਿੱਤਾ।

 

Share This Article
Leave a Comment