ਨਿਊਜ਼ ਡੈਸਕ: ਝਾਰਖੰਡ ਦੇ ਦੁਮਕਾ ਜ਼ਿਲੇ ‘ਚ ਇਕ ਸਪੈਨਿਸ਼ ਔਰਤ ਨਾਲ ਸਮੂਹਿਕ ਬਲਾਤਕਾਰ ਮਾਮਲੇ ‘ਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 4 ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਐਤਵਾਰ ਨੂੰ ਦੁਮਕਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਹਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਝਾਰਖੰਡ ਹਾਈ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਇਹ ਮਾਮਲਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਐਸ ਚੰਦਰਸ਼ੇਖਰ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਦੇ ਸਾਹਮਣੇ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੂਬੇ ਦੇ ਮੁੱਖ ਸਕੱਤਰ, ਡੀਜੀਪੀ ਅਤੇ ਐਸਪੀ ਦੁਮਕਾ ਤੋਂ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਯਾਨੀ 7 ਮਾਰਚ ਨੂੰ ਹੋਵੇਗੀ।
7 ਜਣਿਆਂ ਨੇ ਕੀਤਾ ਸੀ ਬਲਾਤਕਾਰ
ਜ਼ਿਲੇ ਦੇ ਹੰਸਡੀਹਾ ਦੇ ਪਿੰਡ ਕੁੰਜੀ ‘ਚ ਸ਼ੁੱਕਰਵਾਰ ਰਾਤ ਸਪੇਨ ਤੋਂ ਘੁੰਮਣ ਆਈ ਇਕ ਸੈਲਾਨੀ ਨਾਲ 7 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ। ਸ਼ਨੀਵਾਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਪਹਿਲਾਂ ਇਨ੍ਹਾਂ ਤਿੰਨਾਂ ਨੂੰ ਹਿਰਾਸਤ ‘ਚ ਲਿਆ ਅਤੇ ਫਿਰ ਗ੍ਰਿਫਤਾਰ ਕੀਤਾ। ਫੜੇ ਗਏ ਤਿੰਨੇ ਮੁਲਜ਼ਮ ਪਿੰਡ ਕੁੰਜੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਵਿਦੇਸ਼ੀ ਔਰਤ ਨੇ ਆਪਣੀ ਸ਼ਿਕਾਇਤ ‘ਚ ਦੱਸਿਆ ਹੈ ਕਿ ਪਹਿਲਾਂ 2 ਲੋਕ ਆਏ, ਫਿਰ 5 ਲੋਕਾਂ ਨੂੰ ਫੋਨ ਕਰਕੇ ਬੁਲਾਇਆ। ਸਾਰਿਆਂ ਨੇ ਉਸ ਨਾਲ ਕੁੱਟਮਾਰ ਕੀਤੀ। ਫਿਰ ਸਾਰਿਆਂ ਨੇ ਉਸਦੇ ਪਤੀ ਦੇ ਹੱਥ ਬੰਨ੍ਹ ਕੇ ਕਰੀਬ ਢਾਈ ਘੰਟੇ ਤੱਕ ਇਕ-ਇਕ ਕਰਕੇ ਬਲਾਤਕਾਰ ਕੀਤਾ।
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ
ਉਧਰ, ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਐਤਵਾਰ ਦੇਰ ਸ਼ਾਮ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਫਿਰ ਪੀੜਤ ਸਪੈਨਿਸ਼ ਜੋੜੇ ਨਾਲ ਮੁਲਾਕਾਤ ਕੀਤੀ। ਕਮਿਸ਼ਨ ਨੇ ਡੀਜੀਪੀ ਅਜੈ ਕੁਮਾਰ ਸਿੰਘ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।